ਗੜ੍ਹਸ਼ੰਕਰ ਦੇ ਪਿੰਡ ਬੋੜਾ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਕ ਮੋਟਰਸਾਈਕਲ ’ਤੇ ਸਵਾਰ ਚਾਰ ਨੌਜਵਾਨਾਂ ਦੀ ਕਿਸੇ ਅਣਪਛਾਤੇ ਵਾਹਨ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਤਿੰਨ ਨੌਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਹਾਦਸੇ 'ਚ 3 ਨੌਜਵਾਨਾਂ ਦੀ ਮੌਤ, ਇੱਕ ਜ਼ਖਮੀ
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਰਵਿਸ਼ ਕੁਮਾਰ, ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਬੋੜਾ ਲਾਗੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਚਾਰ ਨੌਜਵਾਨਾਂ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋਈ ਸੀ, ਜਿਸ ਨਾਲ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਚੌਥੇ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਨੌਜਵਾਨਾਂ ਦੀ ਪਛਾਣ ਜਾਰੀ
ਏਐਸਆਈ ਰਵਿਸ਼ ਕੁਮਾਰ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਸਾਰੇ ਨੌਜਵਾਨਾਂ ਦੀ ਉਮਰ ਲਗਭਗ 15 ਤੋਂ 20 ਸਾਲ ਦੇ ਦਰਮਿਆਨ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ। ਫਿਲਹਾਲ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ, ਜਿਨ੍ਹਾਂ ਦੀ ਸ਼ਨਾਖ਼ਤ ਲਈ ਲਾਸ਼ਾਂ ਨੂੰ ਹਸਪਤਾਲ ਵਿੱਚ ਰੱਖਵਾਇਆ ਗਿਆ ਹੈ।
ਪਿੰਡ ਵਿੱਚ ਸੋਗ ਦੀ ਲਹਿਰ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ। ਵਾਰਸਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦਰਦਨਾਕ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।