ਕਪੂਰਥਲਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਕੁੜੀ ਨੇ ਆਪਣੇ ਪ੍ਰੇਮੀ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਇਹ ਮਾਮਲਾ ਸ਼ਹਿਰ ਦੇ ਮੁਹੱਲਾ ਲੋਹੜੀ ਗੇਟ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤ ਕੁੜੀ ਦੀ ਉਮਰ 18 ਸਾਲ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਕੁੜੀ ਪੜ੍ਹਾਈ-ਲਿਖਾਈ ਵਿੱਚ ਬਹੁਤ ਹੁਸ਼ਿਆਰ ਸੀ ਅਤੇ 12ਵੀਂ ਜਮਾਤ ਦੀ ਵਿਦਿਆਰਣ ਸੀ। ਇਸ ਦੌਰਾਨ ਹੀ ਉਸ ਦੀ ਮੁਲਾਕਾਤ ਮੰਸੂਰਵਾਲ ਦੇ ਰਹਿਣ ਵਾਲੇ ਇੱਕ ਮੁੰਡੇ ਨਾਲ ਹੋਈ ਅਤੇ ਦੋਵਾਂ ਵਿਚਾਲੇ ਦੋਸਤੀ ਹੋ ਗਈ। ਇਸ ਤੋਂ ਬਾਅਦ ਮੁੰਡਾ ਲਗਾਤਾਰ ਕੁੜੀ ਨੂੰ ਪਰੇਸ਼ਾਨ ਕਰ ਲੱਗਾ ਅਤੇ ਇਸ ਤੋਂ ਪਰੇਸ਼ਾਨ ਹੋ ਕੇ ਕੁੜੀ ਨੇ ਖੌਭਨਾਕ ਕਦਮ ਚੁੱਕ ਲਿਆ। ਕੁੜੀ ਨੇ ਆਪਣੇ ਘਰ ’ਚ ਆਪਣੇ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਸ਼ੱਕੀ ਹਾਲਾਤ ’ਚ ਆਪਣੀ ਜਾਨ ਦੇ ਦਿੱਤੀ। ਪੱਖੇ ਦੇ ਨਾਲ ਕੁੜੀ ਦੀ ਲਾਸ਼ ਲਟਕਦੀ ਦੇਖ ਦੇ ਪਰਿਵਾਰਕ ਮੈਂਬਰਾਂ ਦੇ ਹੋਸ਼ ਉੱਡ ਗਏ।
ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸਐੱਚਓ ਨੇ ਦੱਸਿਆ ਕਿ ਪੁਲਿਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤੇ ਮੁਲਜ਼ਮ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਸ਼ਿਕਾਇਤ ਕੀਤੀ ਹੈ ਕਿ ਮੁਲਜ਼ਮ ਕੁੜੀ ਨੂੰ ਅਸ਼ਲ਼ੀਲ ਵੀਡੀਓਜ਼ ਤੇ ਤਸਵੀਰਾਂ ਵਾਇਰਲ ਕਰਨ ਦੀਆਂ ਧਮਕੀਆਂ ਦੇ ਰਿਹਾ ਸੀ, ਫਿਲਹਾਲ ਜਾਂਚ ਜਾਰੀ ਹੈ। ਇਸ ਦੌਰਾਨ ਪੀੜਤ ਪਰਿਵਾਰ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।