ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਨਾਭਾ ਹਲਕੇ ਵਿੱਚ ਵੀ ਵੱਡੀ ਸਫ਼ਲਤਾ ਦੇਖਣ ਨੂੰ ਮਿਲੀ ਹੈ, ਜਿੱਥੇ ਹਲਕੇ ਦੇ 142 ਪਿੰਡਾਂ ਵਿੱਚੋਂ 33 ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਇਸ ਸਬੰਧੀ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਹਲਕੇ ਦੇ ਪਿੰਡਾਂ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ, ਜੋ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਉੱਤੇ ਖ਼ਰਚੀ ਜਾਵੇਗੀ।
70 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ
ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪਿਛਲੇ 70 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਸਭ ਤੋਂ ਵੱਧ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ।
ਸਰਪੰਚਾਂ ਨੇ ਕੀਤਾ ਸਰਕਾਰ ਦਾ ਧੰਨਵਾਦ
ਇਸ ਮੌਕੇ ਪਿੰਡ ਕਨਸੂਹਾ ਦੇ ਸਰਪੰਚ ਸਤਨਾਮ ਸੱਤੀ ਅਤੇ ਪਿੰਡ ਧਾਰੋਕੀ ਦੇ ਸਰਪੰਚ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ 70 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਸਰਬਸੰਮਤੀ ਨਾਲ ਉਨ੍ਹਾਂ ਨੂੰ ਸਰਪੰਚ ਚੁਣਿਆ ਗਿਆ ਹੈ। ਉਨ੍ਹਾਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।