Trending:
ਪੰਜਾਬ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (DC) ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸਭ ਤੋਂ ਪਹਿਲਾਂ ਗੁਰਦਾਸਪੁਰ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ DC ਦਫ਼ਤਰਾਂ ਤੱਕ ਇਹ ਧਮਕੀ ਭਰੀ ਈਮੇਲ ਪਹੁੰਚੀ, ਜਿਸ ਤੋਂ ਬਾਅਦ ਤੁਰੰਤ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਦੋਹਾਂ ਦਫ਼ਤਰਾਂ ਨੂੰ ਖਾਲੀ ਕਰਵਾ ਲਿਆ ਗਿਆ। ਸੁਰੱਖਿਆ ਦੇ ਮੱਦੇਨਜ਼ਰ ਦਫ਼ਤਰਾਂ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।
ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਬੰਬ ਨਿਰੋਧਕ ਦਸਤੇ ਅਤੇ ਖੋਜੀ ਕੁੱਤਿਆਂ ਦੀ ਮਦਦ ਨਾਲ ਪੂਰੇ ਦਫ਼ਤਰਾਂ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਹਰ ਇਕ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਖਤਰੇ ਨੂੰ ਸਮੇਂ ਸਿਰ ਟਾਲਿਆ ਜਾ ਸਕੇ। ਫਿਲਹਾਲ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਸ਼ੱਕੀ ਸਮਾਨ ਜਾਂ ਬੰਬ ਨਹੀਂ ਮਿਲਿਆ ਹੈ।
ਪੁਲਿਸ ਦੇ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਧਮਕੀ ਭਰੀ ਈਮੇਲ ਪਾਕਿਸਤਾਨੀ ਆਤੰਕੀ ਸੰਗਠਨ ISKP ਦੇ ਨਾਮ ਨਾਲ ਭੇਜੀ ਗਈ ਹੈ। ਹਾਲਾਂਕਿ, ਇਸ ਮਾਮਲੇ ਨੂੰ ਲੈ ਕੇ ਅਜੇ ਤੱਕ ਪ੍ਰਸ਼ਾਸਨ ਜਾਂ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਜਾਂਚ ਤੋਂ ਬਾਅਦ ਹੀ ਮਾਮਲੇ ਬਾਰੇ ਕੁਝ ਸਪੱਸ਼ਟ ਕੀਤਾ ਜਾਵੇਗਾ।
ਪੁਲਿਸ ਅਨੁਸਾਰ ਸਵੇਰੇ ਕਰੀਬ ਸਾਢੇ 9 ਵਜੇ ਇਸ ਧਮਕੀ ਭਰੀ ਈਮੇਲ ਦੀ ਜਾਣਕਾਰੀ ਮਿਲੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ਸਮੇਤ ਕਈ ਸ਼ਹਿਰਾਂ ਵਿੱਚ ਕੋਰਟ ਕਾਂਪਲੈਕਸ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਵੀ ਸਾਹਮਣੇ ਆਈਆਂ ਸਨ, ਪਰ ਹਰ ਵਾਰ ਤਲਾਸ਼ੀ ਦੌਰਾਨ ਕੋਈ ਵੀ ਬੰਬ ਨਹੀਂ ਮਿਲਿਆ। ਫਿਲਹਾਲ ਸੂਬੇ ਭਰ ਵਿੱਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ ’ਚ ਹਨ।