ਨਾਭਾ ਜੇਲ੍ਹ ਬਰੇਕ ਕਾਂਡ ਵਿੱਚ ਸ਼ਾਮਲ ਗੁਰਪ੍ਰੀਤ ਸੇਖੋਂ ਨੂੰ ਬੀਤੀ ਰਾਤ ਪੰਜਾਬ ਪੁਲਿਸ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗੁਰਪ੍ਰੀਤ ਸੇਖੋਂ ਨੇ ਕੁਝ ਸਮਾਂ ਪਹਿਲਾਂ ਹੀ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਵਿੱਚ ਉਤਰਨ ਦਾ ਫੈਸਲਾ ਕੀਤਾ ਸੀ ਅਤੇ ਬਜੀਦਪੁਰ ਜ਼ੋਨ ਤੋਂ ਆਪਣੀ ਪਤਨੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਇਸ ਸਮੇਂ ਗੁਰਪ੍ਰੀਤ ਸੇਖੋਂ ਆਪਣੀ ਪਤਨੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਿਹਾ ਸੀ।ਗੁਰਪ੍ਰੀਤ ਸੇਖੋਂ ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਮੁਲਜ਼ਮ ਹੈ ਅਤੇ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਹੈ। ਗੁਰਪ੍ਰੀਤ ਸੇਖੋਂ ਦੇ ਸਮਰਥਕ ਵੱਲੋਂ ਅੱਜ ਥਾਣੇ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਰਜਨੀਸ਼ ਦਹੀਆ ਨਾਲ ਸਿੱਧੀ ਟੱਕਰ ਲੈਂਦਿਆਂ ਸੇਖੋਂ ਨੇ ਚੋਣ ਮੈਦਾਨ ਵਿੱਚ ਉਤਰਨ ਦਾ ਫੈਸਲਾ ਕੀਤਾ ਸੀ।
ਜਾਣਕਾਰੀ ਅਨੁਸਾਰ ਐੱਸ. ਡੀ. ਐੱਮ. ਵੱਲੋਂ ਗੁਰਪ੍ਰੀਤ ਸੇਖੋਂ ਨੂੰ ਜੇਲ੍ਹ 'ਚ ਭੇਜਣ ਦੇ ਹੁਕਮ ਦਿੱਤੇ ਗਏ ਹਨ। ਦੂਸਰੇ ਪਾਸੇ ਗੁਰਪ੍ਰੀਤ ਸਿੰਘ ਸੇਖੋਂ ਦੀ ਗ੍ਰਿਫ਼ਤਾਰੀ ਦੇ ਰੋਸ ਵਿੱਚ ਭਾਰੀ ਗਿਣਤੀ ਵਿੱਚ ਲੋਕ ਬਜੀਦਪੁਰ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਗੁਰਪ੍ਰੀਤ ਸੇਖੋਂ ਦੇ ਵਕੀਲ ਐਡਵੋਕੇਟ ਅਰਸ਼ਦੀਪ ਰੰਧਾਵਾ ਅਤੇ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਗੁਰਪ੍ਰੀਤ ਸੇਖੋਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਲੋਕਤੰਤਰ ਦੀ ਹੱਤਿਆ ਦੱਸਦਿਆਂ ਕਿਹਾ ਕਿ ਜੇਕਰ ਗੁਰਪ੍ਰੀਤ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਲੋਕਾਂ ਵੱਲੋਂ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।