ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫਤਾਰੀ ਖਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ । ਪਟੀਸ਼ਨ ਵਿੱਚ ਆਪਣੀ ਗ੍ਰਿਫ਼ਤਾਰੀ ਤੇ ਸੀਬੀਆਈ ਦੇ ਅਧਿਕਾਰ ਖੇਤਰ ਨੂੰ ਚੁਣੌਤੀ ਦਿੱਤੀ ਹੈ । ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਉਹ ਪੰਜਾਬ ਵਿੱਚ ਕੰਮ ਕਰ ਰਹੇ ਸਨ । ਸੀਬੀਆਈ ਨੇ ਗ੍ਰਿਫ਼ਤਾਰੀ ਸਮੇਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ।
ਅਜਿਹੇ ਵਿੱਚ ਉਹਨਾਂ ਖਿਲਾਫ ਕੇਸ ਦਰਜ ਕਰਨ ਤੋਂ ਪਹਿਲਾਂ ਸੀਬੀਆਈ ਨੂੰ ਦਿੱਲੀ ਸਪੈਸ਼ਲ ਪੁਲਿਸ ਐਸਟੈਬਲਿਸ਼ਮੈਂਟ ਐਕਟ, 1946 ਦੀ ਧਾਰਾ 6 ਦੇ ਤਹਿਤ ਪੰਜਾਬ ਸਰਕਾਰ ਤੋਂ ਇਜਾਜ਼ਤ ਲੈਣੀ ਚਾਹੀਦੀ ਸੀ । ਭੁੱਲਰ ਨੇ ਦਲੀਲ ਦਿੱਤੀ ਕਿ ਸੀਬੀਆਈ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਉਸ ਮਾਮਲੇ ਵਿੱਚ ਪਹਿਲਾਂ ਹੀ ਐਫਆਈਆਰ ਦਰਜ ਕਰ ਲਈ ਸੀ । ਦੋਹਾਂ ਦੇ ਸਮੇਂ ਵਿੱਚ ਅੱਧੇ ਘੰਟੇ ਦਾ ਫਰਕ ਹੈ ।
ਦੱਸ ਦਈਏ ਕਿ ਹਰਚਰਨ ਸਿੰਘ ਭੁੱਲਰ ਨੂੰ 16 ਅਕਤੂਬਰ 2025 ਨੂੰ ਸੀਬੀਆਈ ਨੇ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਵਿੱਚ ਮੁਹਾਲੀ ਤੋਂ ਗ੍ਰਿਫਤਾਰ ਕੀਤਾ ਸੀ । ਜਿਸਤੋਂ ਬਾਅਦ ਭੁੱਲਰ ਦੇ ਟਿਕਾਣਿਆਂ ‘ਤੇ ਛਾਪੇਮਾਰੀ ਦੌਰਾਨ ਕਰੋੜਾਂ ਦੀ ਨਗਦੀ, ਸੋਨਾ ਅਤੇ ਜਾਇਦਾਦ ਦੇ ਦਸਤਾਵੇਜ਼ ਬਰਾਮਦ ਹੋਏ ਸਨ । 19 ਅਕਤੂਬਰ ਨੂੰ ਪੰਜਾਬ ਸਰਕਾਰ ਨੇ ਹਰਚਰਨ ਸਿੰਘ ਭੁੱਲਰ ਨੂੰ ਸਸਪੈਂਡ ਕਰ ਦਿੱਤਾ ਸੀ ।
ਇਸਤੋਂ ਬਾਅਦ 29 ਅਕਤੂਬਰ 2025 ਨੂੰ ਸੀਬੀਆਈ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਇਲਜ਼ਾਮ ਵਿੱਚ ਦੂਜੀ ਐਫਆਈਆਰ ਦਰਜ ਕੀਤੀ ਸੀ । ਇਸਤੋਂ ਪਹਿਲਾਂ ਵਿਜੀਲੈਂਸ ਬਿਓਰੋ ਨੇ ਭੁੱਲਰ ਖਿਲਾਫ ਕੇਸ ਦਰਜ ਕਰ ਲਿਆ ਸੀ । ਨਵੰਬਰ ਮਹੀਨੇ ਵਿੱਚ ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਸੀ । ਅਤੇ ਮਾਮਲੇ ਵਿੱਚ ਅੱਗੇ ਦੀ ਜਾਂਚ ਜਾਰੀ ਹੈ ।