ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਜਿੱਤ ਹਾਸਿਲ ਕਰਨ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਅਹੁਦੇ ਦੀ ਸਹੁੰ ਚੁੱਕ ਲਈ ਹੈ । ਚੰਡੀਗੜ੍ਹ ਸਥਿਤ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਆਪਣੇ ਚੈਂਬਰ ਵਿੱਚ ਹਰਮੀਤ ਸੰਧੂ ਨੂੰ ਵਿਧਾਇਕ ਅਹੁਦੇ ਦੀ ਸਹੁੰ ਚੁਕਾਈ ਹੈ। ਸਪੀਕਰ ਕੁਲਤਾਰ ਸੰਧਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਹਲਫ਼ ਲੈਣ ਤੋਂ ਪਹਿਲਾਂ ਹਰਮੀਤ ਸੰਧੂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਨ। ਹੁਣ ਹਰਮੀਤ ਸੰਧੂ ਆਪਣੇ ਪਹਿਲੇ ਵਿਧਾਨ ਸਭਾ ਸੈਸ਼ਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਤਾਬਦੀ ਸਮਾਰੋਹ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹਾਜ਼ਰੀ ਲਗਵਾਉਣਗੇ ।
ਦੱਸ ਦਈਏ ਕਿ ਹਰਮੀਤ ਸਿੰਘ ਸੰਧੂ ਨੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ।
ਕਾਬਿਲਗੌਰ ਹੈ ਕਿ ਤਰਨਤਾਰਨ ਸੀਟ ‘ਤੇ 2022 ਵਿੱਚ ਹੋਈਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਕਸ਼ਮੀਰ ਸਿੰਘ ਸੋਹਲ ਜਿੱਤ ਕੇ ਵਿਧਾਇਕ ਬਣੇ ਸਨ ਪਰ ਇਸ ਸਾਲ ਬੀਮਾਰੀ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਇਸ ਦੇ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਹਰਮੀਤ ਸੰਘ ਸੰਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਜ਼ਿਮਨੀ ਚੋਣ ਵਿੱਚ ਉਮੀਦਵਾਰ ਬਣਾਇਆ। ਇਹ ਚੋਣ ਹਰਮੀਤ ਸੰਧੂ ਨੇ 12091 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਸੀ। ਦੂਜੇ ਨੰਬਰ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਾਵਰ ਸੁਖਵਿੰਦਰ ਕੌਰ ਰਹੀ । ਇਸ ਚੋਣ ਨੂੰ ਅਕਾਲੀ ਦਲ ਲਈ ਪੰਜਾਬ ਦੀ ਸਿਆਸਤ ਵਿਚ ਕਮਬੈਕ ਮੰਨਿਆ ਜਾ ਰਿਹਾ ਹੈ ਕਿਉਂਕਿ ਪਾਰਟੀ ਦਾ ਪ੍ਰਦਰਸ਼ਨ ਬੇਹਤਰ ਰਿਹਾ।
ਦੱਸ ਦਈਏ ਕਿ ਹਰਮੀਤ ਸਿੰਘ ਸੰਧੂ ਤਿੰਨ ਵਾਰ ਤਰਨਤਾਰਨ ਤੋਂ ਵਿਧਾਇਕ ਰਹਿ ਚੁੱਕੇ ਹਨ। ਦੋ ਵਾਰ ਪੰਜਾਬ ਸਰਕਾਰ ਵਿਚ ਮੁੱਖ ਸੰਸਦੀ ਸਕੱਤਰ ਵੀ ਰਹੇ। 2017 ਤੇ 2022 ਵਿਚ ਹਾਰੇ। ਜੁਲਾਈ 2025 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਤੇ ਹਲਕਾ ਇੰਚਾਰਜ ਬਣੇ।