ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਕਾਲੀ-ਭਾਜਪਾ ਗਠਜੋੜ ਬਾਰੇ ਦਿੱਤੇ ਬਿਆਨ ਮਗਰੋਂ ਹੁਣ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਦੀ ਗੱਲ ਬਿਲਕੁਲ ਸਹੀ ਹੈ ਕਿ 2032 'ਚ ਵੀ ਭਾਜਪਾ ਦੇ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਗਠਜੋੜ ਨਾਲ ਇਹ ਸੰਭਾਵਨਾ ਬਣ ਸਕਦੀ ਹੈ।
ਉਨ੍ਹਾਂ ਕਿਹਾ ਕਿ ਗਠਜੋੜ ਵੀ ਉਦੋਂ ਹੀ ਹੋਵੇਗਾ, ਜਦੋਂ ਪੰਜਾਬ ਦੇ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ। ਬੀਬਾ ਬਾਦਲ ਨੇ ਕਿਹਾ ਕਿ ਅਕਾਲੀ ਦਲ 105 ਸਾਲ ਪਹਿਲਾਂ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਬਣੀ ਸੀ, ਨਾ ਕਿ ਸੱਤਾ ਲਈ। ਹਰਸਿਮਰਤ ਬਾਦਲ ਨੇ ਕਿਹਾ ਕਿ ਬਾਦਲ ਸਾਹਿਬ ਨੇ ਪੰਜਾਬ ਦੀ ਖ਼ਾਤਰ 18 ਸਾਲ ਜੇਲ੍ਹ ਕੱਟੀ ਅਤੇ ਮੈਂ ਵੀ ਕਿਸਾਨਾਂ ਦੇ ਹਿੱਤਾ ਲਈ ਅਸਤੀਫ਼ਾ ਦੇ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਹੈ, ਜਿਸ ਨੇ ਨਾ ਕਦੇ ਪੰਜਾਬ ਦੇ ਹੱਕਾਂ ਨਾਲ ਸਮਝੌਤਾ ਕੀਤਾ ਹੈ ਅਤੇ ਨਾ ਹੀ ਕਦੇ ਕਰਾਂਗੇ, ਭਾਵੇਂ ਅਸੀਂ ਸੱਤਾ 'ਚ ਆਈਏ ਜਾਂ ਨਾ ਆਈਏ। ਹਰਸਿਮਰਤ ਬਾਦਲ ਨੇ ਕਿਹਾ ਕਿ ਖੇਤਰੀ ਪਾਰਟੀ ਦਾ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਸਾਡੀ ਪਾਰਟੀ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਨਾਲ ਖੜ੍ਹੀ ਰਹੇਗੀ।