ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਰੱਦ ਕਰਨ ਸੰਬੰਧੀ ਦਸਤਾਵੇਜ਼ ਤਲਬ ਕੀਤੇ ਹਨ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਵਿਗੜਨ ਦਾ ਹਵਾਲਾ ਦਿੰਦਿਆਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰ ਦਿੱਤੀ ਸੀ। ਇਸ ਦੇ ਖਿਲਾਫ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਵਿੱਚ ਮੁੜ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਅੰਮ੍ਰਿਤਪਾਲ ਨੇ ਸੰਸਦ ਦੇ ਮੌਨਸੂਨ ਇਜਲਾਸ ਵਿੱਚ ਸ਼ਾਮਲ ਹੋਣ ਦੀ ਮਨਜ਼ੂਰੀ ਮੰਗੀ ਸੀ। ਦੱਸ ਦਈਏ ਕਿ ਸੋਮਵਾਰ ਤੋਂ ਸੈਸ਼ਨ ਦੀ ਸ਼ੁਰੂਆਤ ਹੋਈ ਗਈ ਹੈ ਜੋ 19 ਦਸੰਬਰ ਤੱਕ ਚੱਲੇਗਾ।
ਅਦਾਲਤ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਸਾਂਸਦ ਅੰਮ੍ਰਿਤਪਾਲ ਦੇ ਭਾਸ਼ਣ ਨਾਲ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ 'ਤੇ ਐਨਐਸਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕੋਈ ਅਜਿਹੀ ਤਜਵੀਜ਼ ਨਹੀਂ ਹੈ ਕਿ ਉਨ੍ਹਾਂ ਨੂੰ ਸੰਸਦ ਵਿੱਚ ਭੇਜਿਆ ਜਾ ਸਕੇ।
ਉਧਰ ਅੰਮ੍ਰਿਤਪਾਲ ਦੇ ਵਕੀਲ ਨੇ ਜਵਾਬ ਦਿੱਤਾ ਸਾਨੂੰ ਸੰਸਦ ਵਿੱਚ ਸਰੀਰਕ ਤੌਰ 'ਤੇ ਹਾਜ਼ਰ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਲਈ ਸਾਨੂੰ ਵਰਚੁਅਲ ਜ਼ਰੀਏ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਦੂਜੇ ਪਾਸੇ ਇਸ ਦੇ ਜਵਾਬ ਵਿੱਚ ਕੇਂਦਰ ਦੇ ਵਕੀਲ ਸੱਤਿਆਪਾਲ ਜੈਨ ਨੇ ਕਿਹਾ ਸੰਸਦ ਵਿੱਚ ਹਿੱਸਾ ਲੈਣ ਦਾ ਅਜਿਹਾ ਕੋਈ ਤਰੀਕਾ ਨਹੀਂ ਹੈ।
ਇਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸ ਆਧਾਰ 'ਤੇ ਅੰਮ੍ਰਿਤਪਾਲ ਦੀ ਪੈਰੋਲ ਖਾਰਿਜ ਕੀਤੀ ਹੈ । ਉਹ ਸਾਰੇ ਦਸਤਾਵੇਜ਼ ਪੇਸ਼ ਕੀਤੇ ਜਾਣ । ਹੁਣ 8 ਦਸੰਬਰ ਨੂੰ ਮੁੜ ਮਾਮਲੇ ਦੀ ਸੁਣਵਾਈ ਹੋਵੇਗੀ।