ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ
ਹਾਈਕੋਰਟ ਵਿੱਚ ਵੱਡਾ ਦਾਅਵਾ ਕੀਤਾ ਹੈ। ਸਰਕਾਰ ਨੇ ਹਾਈਕੋਰਟ ਵਿੱਚ ਕਿਹਾ ਕਿ ਅੰਮ੍ਰਿਤਪਾਲ ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸੀ। ਅਤੇ 15 ਲੋਕਾਂ ਦੇ ਕਤਲ ਦੀ ਸਾਜ਼ਿਸ਼ ਘੜ ਰਿਹਾ ਸੀ।
ਇਹ ਦਾਅਵਾ ਹਾਈਕੋਰਟ ਵਿੱਚ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਦੀ ਸੁਣਵਾਈ ਦੌਰਾਨ ਕੀਤਾ ਗਿਆ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਸਪਸ਼ਟ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਇਜਲਾਸ ਵਿੱਚ ਭੇਜਣ ਨਾਲ ਰਾਸ਼ਟਰੀ ਸੁਰੱਖਿਆ ਲਈ ਖਤਰਾ ਪੈਦਾ ਹੋ ਸਕਦਾ ਹੈ ਇਸ ਕਰਕੇ ਪੈਰੋਲ ਜਾਂ ਅਸਥਾਈ ਰਿਹਾਈ ਤੋਂ ਇਨਕਾਰ ਕੀਤਾ ਗਿਆ ਹੈ।
ਅਦਾਲਤ ਨੇ ਮਾਮਲੇ ਵਿੱਚ ਟਿੱਪਣੀ ਕਰਦਿਆਂ ਕਿਹਾ ਕਿ ਉਹ ਕਿਸੇ ਬੰਦੀ ਨੂੰ ਸੰਸਦ ਦੇ ਇਜਲਾਸ ਵਿੱਚ ਸ਼ਾਮਿਲ ਹੋਣ ਜਾਂ ਇਜਾਜ਼ਤ ਦੇਣ ਦਾ ਅਧਿਕਾਰ ਨਹੀਂ ਰੱਖਦੀ। ਸੁਣਵਾਈ ਦੌਰਾਨ ਅਦਾਲਤ ਨੇ ਅੰਮ੍ਰਿਤਪਾਲ ਦੇ ਵਕੀਲ ਤੋਂ ਪੁੱਛਿਆ ਕਿ ਕੀ ਸਾਂਸਦ ਨੇ ਹੜ੍ਹ ਦੇ ਮੁੱਦੇ 'ਤੇ ਆਪਣੇ ਹਲਕੇ ਦੀ ਨੁਮਾਇੰਦਗੀ ਕਰਨ ਲਈ ਕੋਈ ਤਿਆਰੀ ਕੀਤੀ ਹੈ। ਉਨ੍ਹਾਂ ਦੇ ਵਕੀਲ ਨੇ ਜਵਾਬ ਦਿੱਤਾ ਕਿ ਉਹ ਇਸ ਵਿਸ਼ੇ 'ਤੇ ਆਪਣੇ ਮੁਵੱਕਿਲ ਨਾਲ ਗੱਲ ਕਰ ਸਕੇ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਿਲ ਹੋ ਕੇ ਆਪਣੇ ਇਲਾਕੇ ਦੀ ਗੱਲ ਰੱਖਣ ਦੇ ਲਈ ਕੋਰਟ ਵਿੱਚ ਪੈਰੋਲ ਪਟੀਸ਼ਨ ਪਾਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ