Trending:
ਹੁਸ਼ਿਆਰਪੁਰ:- ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਮਿਆਣੀ ’ਚ ਬੀਤੇ ਦਿਨੀਂ ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਦੁਕਾਨ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਨੇੜੇ ਬੈਠੇ ਉਸ ਦੇ ਸਾਥੀ ’ਤੇ ਵੀ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਿਆਣੀ ਅਤੇ ਜ਼ਖਮੀ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮਿਆਣੀ ਵਜੋਂ ਹੋਈ ਹੈ।
ਇਸ ਦੁਖਦਾਈ ਘਟਨਾ ਤੋਂ ਬਾਅਦ ਮ੍ਰਿਤਕ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਡਿਪਟੀ ਮੁੱਖ ਮੰਤਰੀ ਪੰਜਾਬ ਸੁਖਵਿੰਦਰ ਸਿੰਘ ਰੰਧਾਵਾ ਪਿੰਡ ਮਿਆਣੀ ਪਹੁੰਚੇ।
ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ। ਸਾਰੇ ਆਗੂਆਂ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਵਾਹਿਗੁਰੂ ਅੱਗੇ ਅਰਦਾਸ ਵੀ ਕੀਤੀ। ਇਸ ਮੌਕੇ ਮਾਹੌਲ ਗਮਗੀਨ ਬਣਿਆ ਰਿਹਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ, ਪੀੜਤ ਪਰਿਵਾਰ ਨੂੰ ਇਨਸਾਫ਼ ਅਤੇ ਉਨ੍ਹਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨਾਲ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਦਿਨ ਦਿਹਾੜੇ ਹੋ ਰਹੀਆਂ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਸਰਕਾਰ ਨੂੰ ਤੁਰੰਤ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।