ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਇੱਕ ਵਾਰ ਫਿਰ ਇੱਕ ਨੌਜਵਾਨ ਦੀ ਜਾਨ ਲੈ ਗਈ ਹੈ। ਹੋਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਨੇੜਲੇ ਪਿੰਡ ਉਮਰਪੁਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅਜੈ ਗਿੱਲ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਅਜੈ ਦੀ ਮੌਤ ਚਿੱਟੇ ਦਾ ਟੀਕਾ ਲਗਾਉਣ ਕਾਰਨ ਹੋਈ ਹੈ। ਪਰਿਵਾਰ ਮੁਤਾਬਕ ਜਦੋਂ ਉਨ੍ਹਾਂ ਨੇ ਅਜੈ ਨੂੰ ਦੇਖਿਆ ਤਾਂ ਉਹ ਬੇਹੋਸ਼ ਹਾਲਤ ਵਿੱਚ ਪਿਆ ਸੀ ਅਤੇ ਉਸ ਦੀ ਬਾਂਹ ਵਿੱਚ ਸੂਈ ਲੱਗੀ ਹੋਈ ਸੀ। ਅਜੈ ਦੀ ਮਾਂ ਨੇ ਦੁੱਖੀ ਮਨ ਨਾਲ ਦੱਸਿਆ ਕਿ ਅਜੈ ਉਸਦਾ ਵੱਡਾ ਪੁੱਤਰ ਸੀ। ਉਨ੍ਹਾਂ ਕਿਹਾ ਕਿ ਜਦੋਂ ਉਹ ਘਰ ਅੰਦਰ ਗਈ ਤਾਂ ਅਜੈ ਹਿਲ ਨਹੀਂ ਰਿਹਾ ਸੀ ਅਤੇ ਉਸ ਦੀ ਹਾਲਤ ਦੇਖ ਕੇ ਉਹਨਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।
ਪਰਿਵਾਰਕ ਮੈਂਬਰਾਂ ਨੇ ਆਰੋਪ ਲਗਾਇਆ ਕਿ ਇਲਾਕੇ ਵਿੱਚ ਨਸ਼ੇ ਦਾ ਗੈਰ-ਕਾਨੂੰਨੀ ਧੰਦਾ ਬੇਖੌਫ਼ੀ ਨਾਲ ਚੱਲ ਰਿਹਾ ਹੈ ਅਤੇ ਨਸ਼ਾ ਵੇਚਣ ਵਾਲੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾਰ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਅਤੇ ਪ੍ਰਸ਼ਾਸਨ ਇਸ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਵਿੱਚ ਅਸਫ਼ਲ ਸਾਬਤ ਹੋ ਰਹੇ ਹਨ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਸ਼ਾ ਸਪਲਾਈ ਕਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਮੌਕੇ ‘ਤੇ ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਇਸੇ ਤਰ੍ਹਾਂ ਪੰਜਾਬ ਦੀ ਨੌਜਵਾਨੀ ਬਰਬਾਦ ਹੁੰਦੀ ਰਹੇਗੀ।