ਚੰਡੀਗੜ੍ਹ: 20 ਦਸੰਬਰ ਨੂੰ ਇੱਕ ਪੱਛਮੀ ਗੜਬੜੀ (Western disturbance) ਸਰਗਰਮ ਹੋਣ ਜਾ ਰਹੀ ਹੈ, ਜਿਸ ਨਾਲ ਪੰਜਾਬ ’ਚ ਮੌਸਮ ਬਦਲੇਗਾ। ਮੌਸਮ ਵਿਭਾਗ ਮੁਤਾਬਕ, 20 ਤੋਂ 22 ਦਸੰਬਰ ਦੇ ਵਿਚਕਾਰ ਜਲੰਧਰ ’ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਦੌਰਾਨ, 19 ਅਤੇ 20 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਕਾਰਨ, ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਵੀ ਉਮੀਦ ਹੈ, ਜਿਸ ਨਾਲ ਮੌਸਮ ਹੋਰ ਠੰਡਾ ਹੋ ਸਕਦਾ ਹੈ। ਧੁੰਦ ਵੀ ਬਣੀ ਰਹੇਗੀ, ਜਿਸ ਨਾਲ ਵਿਜ਼ੀਬਿਲਿਟੀ ਘੱਟ ਜਾਵੇਗੀ, ਖਾਸ ਕਰਕੇ ਸਵੇਰ ਅਤੇ ਰਾਤ ਦੇ ਸਮੇਂ। ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਧੁੰਦ ਵਾਲੇ ਦਿਨਾਂ ਵਿੱਚ ਸਵੇਰ ਅਤੇ ਰਾਤ ਦੇ ਸਮੇਂ ਯਾਤਰਾ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।