Tuesday, 22nd of September 2026

ਪੰਜਾਬ 'ਚ ਸਵੇਰ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ, IMD ਵੱਲੋਂ 12 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ। ਪਿਛਲੇ 24 ਘੰਟਿਆਂ ਵਿੱਚ ਕਈ ਥਾਵਾਂ 'ਤੇ ਮੀਂਹ ਪਿਆ, ਜਿਸ ਨਾਲ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ। 12-13 ਅਗਸਤ ਤੱਕ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Edited By: Lajwinder Kaur | Updated at:
ਪੰਜਾਬ 'ਚ ਸਵੇਰ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ, IMD ਵੱਲੋਂ 12 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ

ਪੰਜਾਬ 'ਚ ਸਵੇਰ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ, IMD ਵੱਲੋਂ 12 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ

ਚੰਡੀਗੜ੍ਹ ਅਤੇ ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਅਤੇ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਅੱਜ ਤੋਂ 12 ਅਗਸਤ ਤੱਕ ਦੋਵਾਂ ਖੇਤਰਾਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ।

ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼

ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਪੰਜ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਮੀਂਹ ਕਾਰਨ ਜਿੱਥੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਉੱਥੇ ਹੀ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਬਠਿੰਡਾ ਏਅਰਪੋਰਟ 'ਤੇ ਦਰਜ ਕੀਤਾ ਗਿਆ।

ਤਾਪਮਾਨ ਵਿੱਚ ਗਿਰਾਵਟ ਦਰਜ

ਚੰਡੀਗੜ੍ਹ ਵਿੱਚ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਪਾਰਾ ਆਮ ਨਾਲੋਂ ਹੇਠਾਂ ਆ ਗਿਆ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 1 ਡਿਗਰੀ ਘੱਟ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ 24.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.6 ਡਿਗਰੀ ਘੱਟ ਹੈ। ਪਿਛਲੇ 24 ਘੰਟਿਆਂ ਵਿੱਚ ਚੰਡੀਗੜ੍ਹ ਮੌਸਮ ਕੇਂਦਰ ਵਿੱਚ 12.8 ਮਿਲੀਮੀਟਰ, ਜਦੋਂ ਕਿ ਏਅਰਪੋਰਟ ਖੇਤਰ ਵਿੱਚ 38.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। 1 ਜੂਨ ਤੋਂ ਹੁਣ ਤੱਕ ਸ਼ਹਿਰ ਵਿੱਚ ਕੁੱਲ 412.6 ਮਿਲੀਮੀਟਰ ਮੌਸਮੀ ਬਾਰਿਸ਼ ਰਿਕਾਰਡ ਕੀਤੀ ਜਾ ਚੁੱਕੀ ਹੈ।

ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਇਆ ਹੈ, ਪਰ ਇਹ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਬਠਿੰਡਾ ਏਅਰਪੋਰਟ 'ਤੇ ਦਰਜ ਕੀਤਾ ਗਿਆ, ਜਦੋਂ ਕਿ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 23.8 ਡਿਗਰੀ ਸੈਲਸੀਅਸ ਲੁਧਿਆਣਾ ਵਿੱਚ ਰਿਹਾ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਐੱਸ.ਬੀ.ਐੱਸ. ਨਗਰ (ਨਵਾਂਸ਼ਹਿਰ) ਦੇ ਬੱਲੋਵਾਲ ਸੋਖੜੀ ਵਿੱਚ ਸਭ ਤੋਂ ਵੱਧ 18.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 18 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 12 ਮਿਲੀਮੀਟਰ, ਲੁਧਿਆਣਾ ਵਿੱਚ 11.5 ਮਿਲੀਮੀਟਰ, ਰੂਪਨਗਰ ਦੇ ਭਾਖੜਾ ਡੈਮ ਖੇਤਰ ਵਿੱਚ 6.5 ਮਿਲੀਮੀਟਰ ਅਤੇ ਬਰਨਾਲਾ ਵਿੱਚ 3 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

 13 ਅਗਸਤ ਤੱਕ ਰੁਕ-ਰੁਕ ਕੇ ਬਾਰਿਸ਼ ਦਾ ਸਿਲਸਿਲਾ

ਫਿਲਹਾਲ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ। ਮੌਸਮ ਵਿਭਾਗ ਦੇ ਸੱਤ ਦਿਨਾਂ ਦੇ ਅਨੁਮਾਨ ਅਨੁਸਾਰ 13 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰੁਕ-ਰੁਕ ਕੇ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਸੂਬੇ ਵਿੱਚ ਭਾਰੀ ਮੀਂਹ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਸ਼ਨੀਵਾਰ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਚਮਕ ਹੋਣ ਦੇ ਆਸਾਰ ਹਨ।