ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਇਹ ਪੇਸ਼ੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੀਤੀਆਂ ਗਈਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਜੁੜੇ ਮਾਣਹਾਨੀ ਦੇ ਮਾਮਲੇ ਵਿੱਚ ਹੋ ਰਹੀ ਹੈ। ਮਾਮਲੇ ਦੀ ਪਿਛਲੀ ਸੁਣਵਾਈ 15 ਦਸੰਬਰ 2025 ਨੂੰ ਹੋਈ ਸੀ।
ਦਰਅਸਲ ਲੋਕ ਸਭਾ ਸੈਸ਼ਨ ਕਾਰਨ ਕੰਗਨਾ ਰਣੌਤ ਪਿਛਲੀ ਤਾਰੀਖ਼ ਨੂੰ ਅਦਾਲਤ ਵਿੱਚ ਹਾਜ਼ਰ ਨਹੀਂ ਹੋ ਸਕੀ ਸੀ। ਉਹਨਾਂ ਦੇ ਵਕੀਲ ਵੱਲੋਂ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਅੱਜ 5 ਜਨਵਰੀ 2026 ਦੀ ਤਾਰੀਖ਼ ਮੁਕਰਰ ਕੀਤੀ ਸੀ।
ਕਿਸਾਨ ਅੰਦੋਲਨ ਨਾਲ ਜੁੜਿਆ ਹੈ ਮਾਮਲਾ
ਇਹ ਮਾਮਲਾ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਾਹਮਣੇ ਆਇਆ ਸੀ। ਬਠਿੰਡਾ ਜ਼ਿਲ੍ਹੇ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਵਿਰੁੱਧ ਅਦਾਲਤ ਵਿੱਚ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਸੀ।
ਸ਼ਿਕਾਇਤ ਮੁਤਾਬਕ, ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਕੀਤੀ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਿਸਾਨ ਅੰਦੋਲਨ ਵਿੱਚ ਸ਼ਾਮਲ ਕੁਝ ਔਰਤਾਂ 100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੁੰਦੀਆਂ ਹਨ। ਮਹਿੰਦਰ ਕੌਰ ਦਾ ਕਹਿਣਾ ਹੈ ਕਿ ਇਸ ਬਿਆਨ ਨਾਲ ਉਨ੍ਹਾਂ ਦੀ ਬੇਇਜ਼ਤੀ ਹੋਈ ਹੈ।
ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਕੰਗਨਾ ਰਣੌਤ ਨੇ ਇਸ ਮਾਮਲੇ ਨੂੰ ਰੱਦ ਕਰਵਾਉਣ ਲਈ ਕੁਝ ਸਮਾਂ ਪਹਿਲਾਂ ਸੁਪਰੀਮ ਕੋਰਟ ਦਾ ਦਰਵਾਜ਼ਾ ਵੀ ਖਟਖਟਾਇਆ ਸੀ, ਪਰ ਉੱਚ ਅਦਾਲਤ ਵੱਲੋਂ ਪਟੀਸ਼ਨ ਸਵੀਕਾਰ ਨਹੀਂ ਕੀਤੀ ਗਈ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਬਠਿੰਡਾ ਅਦਾਲਤ ਵਿੱਚ ਹੀ ਜਾਰੀ ਹੈ।
ਅੱਜ ਦੀ ਪੇਸ਼ੀ ਨੂੰ ਲੈ ਕੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ’ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।