Trending:
ਖੰਨਾ ਸ਼ਹਿਰ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਅਣਪਛਾਤੇ ਹਮਲਾਵਰਾਂ ਵੱਲੋਂ ਮਸ਼ਹੂਰ ਟੈਕਸਟਾਈਲ ਵਪਾਰੀ ਅਤੇ ਫੈਸ਼ਨ ਡਿਜ਼ਾਈਨਰ ਆਸ਼ੂ ਵਿਜਨ ਦੇ ਘਰ ਉੱਤੇ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਖੰਨਾ ਦੇ ਖਟੀਕਾ ਇਲਾਕੇ ਵਿੱਚ ਵਾਪਰੀ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਸਵੇਰੇ ਤੜਕੇ ਮੋਟਰਸਾਈਕਲ ‘ਤੇ ਸਵਾਰ ਅਣਪਛਾਤੇ ਨੌਜਵਾਨ ਆਏ ਅਤੇ ਆਸ਼ੂ ਵਿਜਨ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਊਂਡ ਫਾਇਰ ਕੀਤੇ। ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ, ਪਰ ਘਰ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ।
ਆਸ਼ੂ ਵਿਜਨ ਖੰਨਾ ਦੇ ਮੁੱਖ ਬਾਜ਼ਾਰ ਵਿੱਚ ਸਥਿਤ ਮਸ਼ਹੂਰ ਕੱਪੜਿਆਂ ਦੇ ਸ਼ੋਅਰੂਮ “ਦੇਵ ਕਲੈਕਸ਼ਨ” ਦੇ ਮਾਲਕ ਹਨ। ਉਹ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਵਿੱਚ ਜਾਣੇ-ਪਛਾਣੇ ਨਾਮ ਹਨ। ਪੰਜਾਬ ਦੇ ਕਈ ਮਸ਼ਹੂਰ ਗਾਇਕ ਅਤੇ ਕਲਾਕਾਰ ਆਪਣੇ ਸਟੇਜ ਸ਼ੋਅ ਅਤੇ ਵੀਡੀਓਜ਼ ਲਈ ਇਥੋਂ ਕੱਪੜੇ ਡਿਜ਼ਾਈਨ ਕਰਵਾਉਂਦੇ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮੌਕੇ ਤੋਂ ਖੋਖੇ ਬਰਾਮਦ ਕਰਕੇ ਫੋਰੈਂਸਿਕ ਟੀਮ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਖੰਨਾ ਦੇ ਵਪਾਰੀਆਂ ਅਤੇ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।