ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਵੱਲੋਂ ਠੰਡ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀਆਂ ਦੇ ਐਲਾਨ ਦੇ ਬਾਵਜੂਦ ਲੁਧਿਆਣਾ ਜ਼ਿਲ੍ਹੇ ਵਿੱਚ ਸਰਕਾਰੀ ਨਿਰਦੇਸ਼ਾਂ ਦੀਆਂ ਖੁੱਲ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਈ ਨਿੱਜੀ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਸਕੂਲ ਖੋਲ੍ਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਮਾਪਿਆਂ ਅਤੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਰ ਵਿੱਚ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦਾ ਦੌਰ ਜਾਰੀ ਹੈ। ਇਸ ਸਬੰਧੀ ਸਿੱਖਿਆ ਮੰਤਰੀ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬੀਤੇ ਦਿਨ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵੀ ਠੰਡ ਨੂੰ ਲੈ ਕੇ ਇੱਕ ਐਡਵਾਈਜ਼ਰੀ ਜਾਰੀ ਕਰਦੇ ਹੋਏ ਬੱਚਿਆਂ ਨੂੰ ਸਵੇਰੇ ਘਰੋਂ ਬਾਹਰ ਨਾ ਭੇਜਣ ਦੀ ਅਪੀਲ ਕੀਤੀ ਗਈ ਸੀ।
ਇਸ ਸਭ ਦੇ ਬਾਵਜੂਦ ਲੁਧਿਆਣਾ ਦੇ ਕੁਝ ਇਲਾਕਿਆਂ ਵਿੱਚ ਸਕੂਲ ਖੋਲ੍ਹੇ ਗਏ। ਸਵੇਰੇ ਸਮੇਂ ਬੱਚੇ ਆਪਣੇ ਮਾਪਿਆਂ ਨਾਲ ਬੈਗ ਲੈ ਕੇ ਸਕੂਲ ਪਹੁੰਚੇ ਪਰ ਜਦੋਂ ਮੀਡੀਆ ਦੀ ਟੀਮ ਮੌਕੇ ‘ਤੇ ਪਹੁੰਚੀ ਤਾਂ ਕਈ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਬੱਚਿਆਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ। ਇਹ ਦ੍ਰਿਸ਼ ਲੋਕਾਂ ਵਿੱਚ ਗੁੱਸੇ ਦਾ ਕਾਰਨ ਬਣਿਆ।
ਮਾਪਿਆਂ ਦਾ ਕਹਿਣਾ ਹੈ ਕਿ ਸਰਕਾਰ ਦੇ ਹੁਕਮ ਸਾਫ਼ ਹਨ, ਫਿਰ ਵੀ ਸਕੂਲ ਪ੍ਰਬੰਧਨ ਬੱਚਿਆਂ ਦੀ ਸਿਹਤ ਨਾਲ ਖਿਲਵਾਰ ਕਰ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ।
ਹੁਣ ਦੇਖਣਾ ਇਹ ਹੋਵੇਗਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਇਸ ਮਾਮਲੇ ‘ਚ ਕੀ ਕਦਮ ਚੁੱਕਦੇ ਹਨ ਤੇ ਇੰਨ੍ਹਾ ਸਕੂਲਾਂ ਖ਼ਿਲਾਫ਼ ਕਦੋਂ ਕਾਰਵਾਈ ਹੁੰਦੀ ਹੈ।