ਪੰਜਾਬ ਦੀ ਸਿਆਸਤ ਵਿੱਚੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਹੋਰ ਵੱਡਾ ਝਟਕਾ ਲੱਗਾ ਹੈ, ਜਦੋਂ ਬਾਦਲ ਪਰਿਵਾਰ ਨਾਲ ਨੇੜਤਾ ਰੱਖਣ ਵਾਲੇ ਅਤੇ ਅਹਿਮ ਸਿਆਸੀ ਸ਼ਖ਼ਸੀਅਤ ਮੇਜਰ ਭੁਪਿੰਦਰ ਸਿੰਘ ਢਿੱਲੋਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜਣ ਜਾ ਰਹੇ ਹਨ।
ਕੌਣ ਹਨ ਮੇਜਰ ਭੁਪਿੰਦਰ ਸਿੰਘ ਢਿੱਲੋਂ?
ਮੇਜਰ ਭੁਪਿੰਦਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗਵਾਸੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ (ਚਚੇਰੇ ਭਰਾ) ਵਜੋਂ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਉਹ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ (Political Secretary) ਵਜੋਂ ਵੀ ਲੰਮਾ ਸਮਾਂ ਸੇਵਾ ਨਿਭਾ ਚੁੱਕੇ ਹਨ। ਅਕਾਲੀ ਦਲ ਅਤੇ ਬਾਦਲ ਪਰਿਵਾਰ ਵਿੱਚ ਉਨ੍ਹਾਂ ਦਾ ਕਾਫ਼ੀ ਪ੍ਰਭਾਵ ਮੰਨਿਆ ਜਾਂਦਾ ਰਿਹਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਪ੍ਰਧਾਨ ਕਰਵਾਉਣਗੇ ਸ਼ਮੂਲੀਅਤ
ਮੇਜਰ ਭੁਪਿੰਦਰ ਸਿੰਘ ਢਿੱਲੋਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੌਜੂਦ ਰਹਿਣਗੇ। ਇਨ੍ਹਾਂ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ ਜਾਏਗਾ।
ਸਿਆਸੀ ਹਲਕਿਆਂ ਵਿੱਚ ਚਰਚਾਵਾਂ ਹੋਈਆਂ ਤੇਜ਼
ਮੇਜਰ ਭੁਪਿੰਦਰ ਸਿੰਘ ਢਿੱਲੋਂ ਦਾ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਨਾਲ ਮਲਵਾ ਖੇਤਰ ਵਿੱਚ ਭਾਜਪਾ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਅਕਾਲੀ ਦਲ ਦੀ ਸਿਆਸਤ 'ਤੇ ਡੂੰਘੇ ਪ੍ਰਭਾਵ ਪੈ ਸਕਦੇ ਹਨ।