Friday, 30th of October 2026

ਰਾਜਪੁਰਾ 'ਚ ਕਾਂਗਰਸ ਨੂੰ ਮਿਲਿਆ ਵੱਡਾ ਸਿਆਸੀ ਬਲ! ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ 200 ਨੌਜਵਾਨ ਕਾਂਗਰਸ 'ਚ ਸ਼ਾਮਲ

ਚੋਣਾਂ ਤੋਂ ਪਹਿਲਾਂ ਹਰ ਪਾਰਟੀ ਨੇ ਪੂਰਾ ਜ਼ੋਰ ਲਗਾਇਆ ਹੋਇਆ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਜੋੜ ਸਕਣ। ਇਸੇ ਸਿਲਸਿਲੇ ਦੇ ਚੱਲਦੇ ਰਾਜਪੁਰਾ 'ਚ ਕਾਂਗਰਸ ਨੂੰ ਵੱਡਾ ਸਿਆਸੀ ਬਲ ਮਿਲਿਆ। ਲਗਭਗ 200 ਨੌਜਵਾਨਾਂ ਨੇ ਕਾਂਗਰਸ ਦਾ ਪੱਲਾ ਫੜਿਆ ਹੈ।

Edited By: Lajwinder Kaur | Updated at:
ਰਾਜਪੁਰਾ 'ਚ ਕਾਂਗਰਸ ਨੂੰ ਮਿਲਿਆ ਵੱਡਾ ਸਿਆਸੀ ਬਲ! ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ 200 ਨੌਜਵਾਨ ਕਾਂਗਰਸ 'ਚ ਸ਼ਾਮਲ

ਰਾਜਪੁਰਾ 'ਚ ਕਾਂਗਰਸ ਨੂੰ ਮਿਲਿਆ ਵੱਡਾ ਸਿਆਸੀ ਬਲ! ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ 200 ਨੌਜਵਾਨ ਕਾਂਗਰਸ 'ਚ ਸ਼ਾਮਲ

ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦਰਮਿਆਨ ਰਾਜਪੁਰਾ ਤੋਂ ਕਾਂਗਰਸ ਪਾਰਟੀ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਲਗਭਗ 200 ਨੌਜਵਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਵਾਰਡ ਨੰਬਰ 13 ਦੇ ਨੌਜਵਾਨ ਆਗੂ ਕੰਚਨ ਕੁਮਾਰ ਸਮੇਤ ਇਨ੍ਹਾਂ ਨੌਜਵਾਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਕਾਂਗਰਸ ਲਈ ਵੱਡਾ ਸਿਆਸੀ ਬਲ ਮੰਨਿਆ ਜਾ ਰਿਹਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਾਰੇ ਨੌਜਵਾਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕੰਚਨ ਕੁਮਾਰ ਨੂੰ ਹਲਕੇ ਦੇ ਵਾਈਸ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ। ਇਸ ਦੇ ਨਾਲ ਹੀ ਬਾਕੀ ਨੌਜਵਾਨਾਂ ਨੂੰ ਵੀ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਅਹਿਮ ਅਹੁਦੇ ਦੇਣ ਦਾ ਭਰੋਸਾ ਦਿੱਤਾ। ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਸੂਬੇ ਵਿੱਚ ਫੈਲ ਰਹੇ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਅਤੇ ਖ਼ੁਦ ਵੀ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।

ਨਸ਼ਿਆਂ ਦੇ ਮੁੱਦੇ 'ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ

ਨੌਜਵਾਨਾਂ ਦੀ ਸ਼ਮੂਲੀਅਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।

ਪੰਜਾਬ ਵਿੱਚ ਪੁਲਿਸ ਰਾਜ ਚੱਲਣ ਦੇ ਲਾਏ ਦੋਸ਼

ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਦਿਆਂ ਕੰਬੋਜ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਇਸ ਸਮੇਂ ਪੁਲਿਸ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਥਾਂ-ਥਾਂ ਨਾਕੇ ਲਗਾ ਕੇ ਆਮ ਲੋਕਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕਈ ਮਾਮਲਿਆਂ ਵਿੱਚ ਚੋਰੀ ਦੇ ਪੀੜਤਾਂ ਨੂੰ ਹੀ ਉਲਟਾ ਹਵਾਲਾਤ ਵਿੱਚ ਬੰਦ ਕੀਤਾ ਜਾ ਰਿਹਾ ਹੈ।

ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੀ ਘਟਨਾ ਦਾ ਜ਼ਿਕਰ ਕਰਦਿਆਂ ਪੁਲਿਸ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਵਾਰਸਾਂ ਤੋਂ ਲਾਸ਼ਾਂ ਖੋਹ ਕੇ ਜਬਰੀ ਸਸਕਾਰ ਕੀਤੇ ਜਾ ਰਹੇ ਹਨ ਅਤੇ ਬੇਕਸੂਰ ਲੋਕਾਂ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਦਾ ਮੁੱਦਾ ਵੀ ਚੁੱਕਿਆ।

ਰਾਜਪੁਰਾ ਦੇ ਸਥਾਨਕ ਮੁੱਦਿਆਂ 'ਤੇ ਵੀ ਘੇਰੀ ਮੌਜੂਦਾ ਸਰਕਾਰ

ਹਲਕਾ ਰਾਜਪੁਰਾ ਦੇ ਸਥਾਨਕ ਮਸਲਿਆਂ ਬਾਰੇ ਗੱਲ ਕਰਦਿਆਂ ਸਾਬਕਾ ਵਿਧਾਇਕ ਨੇ ਦੋਸ਼ ਲਾਇਆ ਕਿ ਮੌਜੂਦਾ ਵਿਧਾਇਕਾ ਦੀ ਸ਼ਹਿ 'ਤੇ ਹਲਕੇ ਵਿੱਚ ਨਾਜਾਇਜ਼ ਕਬਜ਼ੇ ਅਤੇ ਲੁੱਟ-ਖਸੁੱਟ ਹੋ ਰਹੀ ਹੈ। ਉਨ੍ਹਾਂ ਇਸਲਾਮਪੁਰ ਦੇ ਸ਼ਮਸ਼ਾਨਘਾਟ ਵਿੱਚੋਂ ਮ੍ਰਿਤਕਾਂ ਦੀਆਂ ਅਸਥੀਆਂ ਚੋਰੀ ਹੋਣ ਦੀਆਂ ਘਟਨਾਵਾਂ 'ਤੇ ਵੀ ਹੈਰਾਨੀ ਅਤੇ ਦੁੱਖ ਪ੍ਰਗਟਾਇਆ।

ਕੰਬੋਜ ਨੇ ਕਿਹਾ ਕਿ ਉਨ੍ਹਾਂ ਦੇ 10 ਸਾਲਾਂ ਦੇ ਵਿਧਾਇਕੀ ਕਾਰਜਕਾਲ ਦੌਰਾਨ ਸ਼ਹਿਰ ਦੇ ਕਿਸੇ ਵੀ ਵਪਾਰੀ, ਮੁਲਾਜ਼ਮ ਜਾਂ ਆਮ ਨਾਗਰਿਕ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਿਆ ਸੀ।

4 ਨਵੰਬਰ ਨੂੰ ਸੰਗਰੂਰ ਪਹੁੰਚਣਗੇ ਰਾਹੁਲ ਗਾਂਧੀ

ਅਖੀਰ ਵਿੱਚ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ 4 ਨਵੰਬਰ ਨੂੰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸੰਗਰੂਰ ਵਿਖੇ ਇੱਕ ਵਿਸ਼ਾਲ ਮਹਾਂ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਪਾਰਟੀ ਨੂੰ ਨੌਜਵਾਨਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਨੌਜਵਾਨਾਂ ਦੇ ਸਹਿਯੋਗ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਰਾਜਪੁਰਾ ਸਮੇਤ ਪੂਰੇ ਪੰਜਾਬ ਵਿੱਚ ਸ਼ਾਨਦਾਰ ਜਿੱਤ ਦਰਜ ਕਰੇਗੀ।