ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦੇ ਪਰਿਵਾਰ ਨਾਲ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਸਾਂਸਦ ਔਜਲਾ ਨੇ ਪਰਿਵਾਰਕ ਮੈਂਬਰਾਂ ਨੂੰ ਸੰਤਾਵਨਾ ਦਿੰਦਿਆਂ ਕਿਹਾ ਕਿ ਪ੍ਰਗਟ ਸਿੰਘ ਦੀ ਸ਼ਹੀਦੀ ਸਿਰਫ਼ ਪਰਿਵਾਰ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਮਾਣ ਦੀ ਗੱਲ ਹੈ।
ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪ੍ਰਗਟ ਸਿੰਘ ਨੇ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਜੋ ਹਰ ਭਾਰਤੀ ਲਈ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਐਸੇ ਬਹਾਦਰ ਸਪੁੱਤਰਾਂ ਦੀ ਕੁਰਬਾਨੀ ਨੂੰ ਕਦੇ ਭੁੱਲ ਨਹੀਂ ਸਕਦਾ। ਔਜਲਾ ਨੇ ਇਹ ਵੀ ਜ਼ਿਕਰ ਕੀਤਾ ਕਿ ਸ਼ਹੀਦ ਦਾ ਪਰਿਵਾਰ ਸੱਚਮੁੱਚ ਦੇਸ਼ ਸੇਵਾ ਦੀ ਮਿਸਾਲ ਹੈ, ਕਿਉਂਕਿ ਇਸ ਪਰਿਵਾਰ ਦੇ ਲਗਭਗ ਛੇ ਮੈਂਬਰ ਭਾਰਤੀ ਫੌਜ, ਅਰਧਸੈਨਿਕ ਬਲਾਂ ਅਤੇ ਹੋਰ ਸੁਰੱਖਿਆ ਏਜੰਸੀਆਂ ਵਿੱਚ ਸੇਵਾ ਨਿਭਾ ਰਹੇ ਹਨ।
ਸਾਂਸਦ ਔਜਲਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਹੀਦ ਪ੍ਰਗਟ ਸਿੰਘ ਦੇ ਪਰਿਵਾਰ ਨੂੰ ਬਣਦੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਆਰਥਿਕ ਸਹਾਇਤਾ ਬਹੁਤ ਜ਼ਰੂਰੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਤਾਂ ਜੋ ਪਰਿਵਾਰ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਰਫ਼ ਬਿਆਨਾਂ ਅਤੇ ਸ਼ਰਧਾਂਜਲੀਆਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਠੋਸ ਕਦਮ ਚੁੱਕ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਰਾ ਦਿੱਤਾ ਜਾਣਾ ਚਾਹੀਦਾ ਹੈ। ਸਾਂਸਦ ਔਜਲਾ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣਗੇ ਅਤੇ ਪਰਿਵਾਰ ਨੂੰ ਹਰ ਸੰਭਵ ਮਦਦ ਦਿਵਾਉਣ ਦੀ ਕੋਸ਼ਿਸ਼ ਕਰਨਗੇ।
ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੇ ਵੀ ਸ਼ਹੀਦ ਪ੍ਰਗਟ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅਤੇ ਕਿਹਾ ਕਿ ਪ੍ਰਗਟ ਸਿੰਘ ਵਰਗੇ ਜਵਾਨਾਂ ਦੀ ਬਦੌਲਤ ਹੀ ਦੇਸ਼ ਸੁਰੱਖਿਅਤ ਹੈ ਅਤੇ ਉਨ੍ਹਾਂ ਦੀ ਕੁਰਬਾਨੀ ਸਦਾ ਯਾਦ ਰੱਖੀ ਜਾਵੇਗੀ।