ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਪੇਸ਼ ਹੋ ਕੇ ਆਪਣੇ ਅਤੇ ਆਪਣੇ ਵਿਭਾਗ ਵੱਲੋਂ ਸਪਸ਼ਟੀਕਰਨ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਦਰ ‘ਤੇ ਹਾਜ਼ਰ ਹੋਏ ਹਨ ਅਤੇ ਜਥੇਦਾਰ ਸਾਹਿਬ ਵੱਲੋਂ ਦਿੱਤੀ ਗਈ ਹਰ ਹਦਾਇਤ ਨੂੰ ਸਿਰ ਮੱਥੇ ਸਵੀਕਾਰ ਕਰਦੇ ਹਨ।
28 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਉਨ੍ਹਾਂ ਨੂੰ 5 ਜਨਵਰੀ ਲਈ ਤਲਬ ਕੀਤਾ ਗਿਆ ਸੀ। ਉਨ੍ਹਾਂ ਕੋਲੋਂ ਆਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਲਾਈਆਂ ਤਸਵੀਰਾਂ ਵਿੱਚ ਸਿੱਖ ਸਿਧਾਂਤਾਂ, ਮਰਿਆਦਾ ਅਤੇ ਭਾਵਨਾਵਾਂ ਖ਼ਿਲਾਫ਼ ਪੇਸ਼ਕਾਰੀ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਸੀ।
ਤਰਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵਿਭਾਗ ਨਾਲ ਸੰਬੰਧਿਤ ਮਾਮਲੇ ‘ਤੇ ਪੂਰੀ ਤਰ੍ਹਾਂ ਸਪਸ਼ਟੀਕਰਨ ਪੇਸ਼ ਕੀਤਾ ਹੈ। ਉਨ੍ਹਾਂ ਮੁਤਾਬਕ, ਜਥੇਦਾਰ ਸਾਹਿਬ ਨੇ ਸਪਸ਼ਟ ਤੌਰ ‘ਤੇ ਆਖਿਆ ਹੈ ਕਿ ਵਿਭਾਗ ਵਿੱਚ ਅਜਿਹਾ ਅਫਸਰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ, ਜਿਸ ਨੂੰ ਸਿੱਖ ਸਿਧਾਂਤਾਂ ਦੀ ਪੂਰੀ ਜਾਣਕਾਰੀ ਹੋਵੇ ਅਤੇ ਜੋ ਪੰਜਾਬ ਦੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨੂੰ ਵੀ ਚੰਗੀ ਤਰ੍ਹਾਂ ਸਮਝਦਾ ਹੋਵੇ।
ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਨਗੇ ਤਾਂ ਜੋ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵਿੱਚ ਇੱਕ ਸੂਝਵਾਨ, ਸਮਝਦਾਰ ਅਤੇ ਸਿੱਖ ਮਰਿਆਦਾ ਨਾਲ ਜਾਣੂ ਅਫਸਰ ਦੀ ਨਿਯੁਕਤੀ ਕੀਤੀ ਜਾ ਸਕੇ। ਇਸ ਨਾਲ ਭਵਿੱਖ ਵਿੱਚ ਕਿਸੇ ਵੀ ਤਸਵੀਰ ਜਾਂ ਪ੍ਰਚਾਰ ਸਮੱਗਰੀ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਤੋਂ ਬਚਿਆ ਜਾ ਸਕੇਗਾ।
ਕੈਬਨਿਟ ਮੰਤਰੀ ਨੇ ਇਹ ਵੀ ਯਾਦ ਕਰਵਾਇਆ ਕਿ ਜਦੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮਨਾਈ ਗਈ ਸੀ, ਉਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਸ ਤੌਰ ‘ਤੇ ਆਖਿਆ ਸੀ ਕਿ ਹਰ ਕਾਰਜ ਦੌਰਾਨ ਸਿੱਖ ਮਰਿਆਦਾ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਦੋਹਰਾਇਆ ਕਿ ਪੰਜਾਬ ਸਰਕਾਰ ਸਿੱਖ ਧਾਰਮਿਕ ਮਰਿਆਦਾਵਾਂ ਅਤੇ ਰਿਵਾਇਤਾਂ ਦੀ ਪੂਰੀ ਕਦਰ ਕਰਦੀ ਹੈ ਅਤੇ ਭਵਿੱਖ ਵਿੱਚ ਅਜਿਹੀ ਕੋਈ ਭੁੱਲ ਨਹੀਂ ਹੋਣ ਦਿੱਤੀ ਜਾਵੇਗੀ।