ਮੋਗਾ ਦੇ ਪਿੰਡ ਭਿੰਡਰ ਕਲਾਂ ਵਿੱਚ ਬੀਤੇ ਦਿਨ ਇੱਕ ਸਾਬਕਾ ਪੰਚਾਇਤ ਮੈਂਬਰ ਉਮਰਸੀਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਸੀ। ਹੁਣ ਇਸ ਘਟਨਾ ਨਾਲ ਜੁੜੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਗੈਂਗਸਟਰ ਮਨੀ ਭਿੰਡਰ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ, GTC NEWS ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ।
ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਪੁਰਾਣੀ ਦੁਸ਼ਮਣੀ ਕਾਰਨ ਕੀਤਾ ਗਿਆ ਹੈ ਅਤੇ ਇਸਦਾ ਫਿਰੌਤੀ ਨਾਲ ਕੋਈ ਸਬੰਧ ਨਹੀਂ। ਪੋਸਟ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਕੋਈ ਕਿਸੇ ਨੂੰ ਗੈਰ-ਕਾਨੂੰਨੀ ਤੌਰ ‘ਤੇ ਪਰੇਸ਼ਾਨ ਕਰਦਾ ਹੈ ਤਾਂ ਉਸਨੂੰ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਹਾਲਾਂਕਿ, ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਇਸ ਪੋਸਟ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।
ਰਿਪੋਰਟਾਂ ਅਨੁਸਾਰ, ਪੁਲਿਸ ਨੂੰ ਮੌਕੇ ਤੋਂ 27 ਗੋਲੀਆਂ ਦੇ ਖੋਲ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਉਮਰਸੀਰ ਨੂੰ ਲਗਭਗ 24 ਗੋਲੀਆਂ ਲੱਗੀਆਂ ਸਨ, ਜੋ ਇਸ ਹਮਲੇ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।
ਦੂਜੇ ਪਾਸੇ, ਧਰਮਕੋਟ ਤੋਂ ਵਿਧਾਇਕ ਦਵਿੰਦਰ ਸਿੰਘ ਲਾਡੀ ਨੇ ਇਸ ਕਤਲ ‘ਤੇ ਦੁੱਖ ਪ੍ਰਗਟ ਕਰਦੇ ਹੋਏ ਇੱਕ ਵੀਡੀਓ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਮ੍ਰਿਤਕ ਦੇ ਪਰਿਵਾਰ ਨਾਲ ਖੜ੍ਹੇ ਹਨ ਅਤੇ ਉਮਰਸੀਰ ਇੱਕ ਚੰਗਾ ਨੌਜਵਾਨ ਸੀ। ਉਨ੍ਹਾਂ ਦੱਸਿਆ ਕਿ ਘਟਨਾ ਸਮੇਂ ਉਹ ਸ਼ਹਿਰ ਤੋਂ ਬਾਹਰ ਸਨ, ਇਸ ਕਰਕੇ ਤੁਰੰਤ ਪਰਿਵਾਰ ਨਾਲ ਦੁੱਖ ਸਾਂਝਾ ਨਹੀਂ ਕਰ ਸਕੇ, ਪਰ ਵਾਪਸੀ ‘ਤੇ ਪਰਿਵਾਰ ਨੂੰ ਮਿਲਣ ਜਾਣਗੇ।
ਵਿਧਾਇਕ ਨੇ ਇਹ ਵੀ ਦੋਸ਼ ਲਗਾਇਆ ਕਿ ਕੁਝ ਲੋਕ ਇਸ ਮਾਮਲੇ ਦਾ ਰਾਜਨੀਤਿਕਰਨ ਕਰ ਰਹੇ ਹਨ। ਉਨ੍ਹਾਂ ਕਿਹਾ, “ਇੱਕ ਨੌਜਵਾਨ ਪੁੱਤਰ ਚਲਾ ਗਿਆ ਹੈ ਅਤੇ ਕੁਝ ਲੋਕ ਰਾਜਨੀਤੀ ਖੇਡ ਰਹੇ ਹਨ।” ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕੋਈ ਰਾਜਨੀਤਿਕ ਕਤਲ ਨਹੀਂ ਹੈ ਅਤੇ ਜਿਸਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਸਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਸਦਾ ਸਬੰਧ ਕਿਸੇ ਵੀ ਪਾਰਟੀ ਨਾਲ ਕਿਉਂ ਨਾ ਹੋਵੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਦਾਅਵਿਆਂ ਦੀ ਤਸਦੀਕ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।