ਮੋਗਾ ਵਿੱਚ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਪ੍ਰਾਈਵੇਟ ਸਕੂਲ ਨੂੰ ਧਮਕੀ ਭਰੀ ਈ-ਮੇਲ ਮਿਲੀ। ਇਸ ਧਮਕੀ ਦੇ ਮੱਦੇਨਜ਼ਰ ਤੁਰੰਤ ਪੁਲਿਸ ਅਤੇ ਸਕੂਲ ਪ੍ਰਸ਼ਾਸਨ ਵੱਲੋਂ ਸੁਰੱਖਿਆ ਕਦਮ ਚੁੱਕਦੇ ਹੋਏ ਸਕੂਲ ਨੂੰ ਖਾਲੀ ਕਰਵਾਇਆ ਗਿਆ। ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਕੇ ਸਕੂਲ ਪਰਿਸਰ ਦੀ ਗਹਿਰੀ ਜਾਂਚ ਸ਼ੁਰੂ ਕੀਤੀ ਗਈ।
ਸਕੂਲਾਂ ਨੂੰ ਧਮਕੀ ਭਰੀ ਮੇਲ
ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਦੋ ਸਕੂਲਾਂ ਨੂੰ ਅਜਿਹੀਆਂ ਧਮਕੀ ਭਰੀਆਂ ਈ-ਮੇਲਾਂ ਮਿਲੀਆਂ ਹਨ, ਜਿਸ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਪੁਲਿਸ ਦੀਆਂ ਟੀਮਾਂ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਆਡ ਵੱਲੋਂ ਸਕੂਲ ਦੇ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ, ਪਰ ਸੁਰੱਖਿਆ ਦੇ ਤੌਰ ‘ਤੇ ਸਖ਼ਤ ਕਦਮ ਜਾਰੀ ਹਨ।

ਇਲਾਕੇ 'ਚ ਵਧਾਈ ਸੁਰੱਖਿਆ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਭਰੀ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਸਾਇਬਰ ਸੈੱਲ ਦੀ ਮਦਦ ਲਈ ਜਾ ਰਹੀ ਹੈ। ਨਾਲ ਹੀ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਬਰਾਉਣ ਨਾ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।