Sunday, 11th of January 2026

ਮਜੀਠੀਆ 'ਤੇ ਅਗਲੇ ਸਾਲ ਚਾਰਜਸ ਹੋਣਗੇ ਫਰੇਮ,3 ਜਨਵਰੀ ਨੂੰ ਹੋਵੇਗੀ ਸੁਣਵਾਈ

Reported by: Nidhi Jha  |  Edited by: Jitendra Baghel  |  December 23rd 2025 05:22 PM  |  Updated: December 23rd 2025 05:22 PM
ਮਜੀਠੀਆ 'ਤੇ ਅਗਲੇ ਸਾਲ ਚਾਰਜਸ ਹੋਣਗੇ ਫਰੇਮ,3 ਜਨਵਰੀ ਨੂੰ ਹੋਵੇਗੀ ਸੁਣਵਾਈ

ਮਜੀਠੀਆ 'ਤੇ ਅਗਲੇ ਸਾਲ ਚਾਰਜਸ ਹੋਣਗੇ ਫਰੇਮ,3 ਜਨਵਰੀ ਨੂੰ ਹੋਵੇਗੀ ਸੁਣਵਾਈ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਮੋਹਾਲੀ ਅਦਾਲਤ ਨੇ ਮੰਗਲਵਾਰ ਸੁਣਵਾਈ ਕੀਤੀ। ਹਾਲਾਂਕਿ ਉਨ੍ਹਾਂ ਵਿਰੁੱਧ ਚਾਰਜੇਸ ਫਰੇਮ ਨਹੀਂ ਕੀਤੇ ਗਏ ਹਨ। ਦੋਸ਼ ਆਇਦ ਕਰਨ ਦੀ ਪ੍ਰਕਿਰਿਆ ਹੁਣ 2026 ਵਿੱਚ ਸ਼ੁਰੂ ਹੋਵੇਗੀ। ਅਦਾਲਤ ਨੇ ਅਗਲੀ ਸੁਣਵਾਈ 3 ਜਨਵਰੀ ਲਈ ਤੈਅ ਕੀਤੀ ਹੈ।

ਵਿਜੀਲੈਂਸ ਵਿਭਾਗ ਨੇ 22 ਅਗਸਤ ਨੂੰ ਮੋਹਾਲੀ ਅਦਾਲਤ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ। ਵਿਜੀਲੈਂਸ ਵਿਭਾਗ ਨੇ ਮਾਮਲੇ ਵਿੱਚ 200 ਤੋਂ ਵੱਧ ਗਵਾਹਾਂ ਦੀ ਜਾਂਚ ਕੀਤੀ ਹੈ ਅਤੇ 40,000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਹੈ, ਜਿਸ ਨੂੰ ਚਾਰ ਟਰੰਕਾਂ ਵਿੱਚ ਅਦਾਲਤ ਵਿੱਚ ਲਿਆਂਦਾ ਗਿਆ ਸੀ। ਇਸ ਦੌਰਾਨ, ਮਜੀਠੀਆ ਨੇ ਜ਼ਮਾਨਤ ਲਈ ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਜਿੱਥੇ ਮਾਮਲੇ ਦੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।

ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹਨਾਂ 'ਤੇ ਆਮਦਨ ਤੋਂ ਵੱਧ ਜਾਇਦਾਦ ਦਾ ਆਰੋਪ ਹੈ। ਇਸ ਤੋਂ ਪਹਿਲਾਂ2021 ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਉਸ ਵਿਰੁੱਧ NDPS ਐਕਟ ਤਹਿਤ ਵੀ ਇੱਕ ਕੇਸ ਦਰਜ ਕੀਤਾ ਗਿਆ ਸੀ।

ਹੁਣ ਤੱਕ, ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਤੇ ਈਡੀ ਦੇ ਇੱਕ ਸਾਬਕਾ ਡਿਪਟੀ ਡਾਇਰੈਕਟਰ ਸਮੇਤ ਛੇ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਮਜੀਠੀਆ ਦੀਆਂ ਜਾਇਦਾਦਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਉਸ ਕੋਲ ਪੁਖਤਾ ਸਬੂਤ ਹਨ ਜਦੋਂ ਕਿ ਮਜੀਠੀਆ ਦੇ ਵਕੀਲ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਦੱਸ ਰਹੇ ਹਨ।