ਮੋਹਾਲੀ ਜ਼ਿਲ੍ਹੇ ਤੋਂ ਇਕ ਦਿਲ ਝੰਝੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਢਾਈ ਸਾਲਾ ਦੀ ਮਾਸੂਮ ਬੱਚੀ ਨਾਲ ਗੰਭੀਰ ਅਪਰਾਧ ਕੀਤੇ ਜਾਣ ਦੀ ਘਟਨਾ ਨੇ ਪੂਰੇ ਇਲਾਕੇ ਨੂੰ ਸਦਮੇ ਵਿੱਚ ਪਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਆਰੋਪੀ ਨੇ ਚਾਕਲੇਟ ਦੇਣ ਦੇ ਬਹਾਨੇ ਬੱਚੀ ਨੂੰ ਆਪਣੇ ਨਾਲ ਲੈ ਗਿਆ ਅਤੇ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ।
ਘਟਨਾ ਤੋਂ ਬਾਅਦ ਬੱਚੀ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਾਰਨ ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਦੀ ਟੀਮ ਵੱਲੋਂ ਬੱਚੀ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਸਦੀ ਹਾਲਤ ’ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਇਸ ਮਾਮਲੇ ਨੇ ਨਾ ਸਿਰਫ਼ ਪੀੜਤ ਪਰਿਵਾਰ, ਸਗੋਂ ਪੂਰੇ ਸਮਾਜ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਆਰੋਪੀ ਅਰਜੁਨ ਰਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਰੋਪੀ ਪ੍ਰਾਈਵੇਟ ਕੰਮ ਕਰਦਾ ਹੈ ਅਤੇ ਘਟਨਾ ਵਾਲੇ ਇਲਾਕੇ ਦੇ ਨੇੜੇ ਹੀ ਰਹਿੰਦਾ ਸੀ। ਬਲੌਂਗੀ ਥਾਣੇ ਵਿੱਚ ਇਸ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਆਰੋਪੀ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਉਸਦਾ ਰਿਮਾਂਡ ਲਿਆ ਜਾਵੇਗਾ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਸਾਰੇ ਪਹਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕੜੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਬੱਚੀ ਦੇ ਪਰਿਵਾਰ ਨੂੰ ਕਾਨੂੰਨੀ ਮਦਦ ਅਤੇ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵੱਲੋਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਸਮਾਜਕ ਸੰਸਥਾਵਾਂ ਅਤੇ ਸਥਾਨਕ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਮਾਸੂਮ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।