ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚ ਗਏ ਹਨ। ਪੰਜਾਬ ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਬੁਲੇਟਪਰੂਫ ਗੱਡੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲੈ ਕੇ ਆਈ। ਉਨ੍ਹਾਂ ਨੂੰ ਹਵਾਈ ਅੱਡੇ ਤੋਂ ਪਿਛਲੇ ਰਸਤੇ ਰਾਹੀਂ ਬਾਹਰ ਕੱਢਿਆ ਗਿਆ। ਹਾਲਾਂਕਿ, ਇਸ ਦੌਰਾਨ ਉਨ੍ਹਾਂ ਦੇ ਹੱਥਾਂ ਵਿੱਚ ਹੱਥਕੜੀ ਨਹੀਂ ਲਗਾਈ ਗਈ ਸੀ।
ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਸ਼ਨੀਵਾਰ (21 ਨਵੰਬਰ) ਸਵੇਰੇ ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਵੇਰੇ 8:30 ਵਜੇ ਤੋਂ 10 ਵਜੇ ਤੱਕ ਹਵਾਈ ਅੱਡੇ ਦੇ ਅੰਦਰ ਹੀ ਰੱਖਿਆ ਗਿਆ। ਉੱਥੋਂ ਸਖ਼ਤ ਸੁਰੱਖਿਆ ਵਿਚਕਾਰ ਉਨ੍ਹਾਂ ਨੂੰ ਜੱਦੀ ਪਿੰਡ ਲਿਜਾਇਆ ਗਿਆ। ਉਨ੍ਹਾਂ ਦਾ ਜੱਦੀ ਪਿੰਡ ਪੁਲਿਸ ਛਾਉਣੀ ਦੇ ਵਿੱਚ ਬਦਲਿਆ ਹੋਇਆ ਹੈ। ਜਦੋਂ ਉਹ ਆਪਣੇ ਘਰ ਪਹੁੰਚੇ ਤਾਂ ਉਨ੍ਹਾਂ ਨੇ ਹੱਥ ਜੋੜ ਕੇ ਪ੍ਰਣਾਮ ਕੀਤਾ, ਇਸ ਮੌਕੇ ਇੱਕ ਭਾਵੁਕ ਪਲਾਂ ਵਾਲੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਚ ਉਹ ਆਪਣੇ ਪਰਿਵਾਰਕ ਮੈਂਬਰ ਨੂੰ ਗੱਲਵਕੜੀ ਦੇ ਵਿੱਚ ਲੈਂਦੇ ਹੋਏ ਨਜ਼ਰ ਆਏ।
ਦਾਦੀ ਦੇ ਅੰਤਿਮ ਸਸਕਾਰ ਲਈ ਮਿਲੀ 3 ਘੰਟੇ ਦੀ ਕਸਟਡੀ ਪੈਰੋਲ
ਦੱਸ ਦੇਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ।
ਉਨ੍ਹਾਂ ਦੀ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਹਾਲਾਂਕਿ, ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਵਿੱਚ ਬੰਦ ਹੋਣ ਕਾਰਨ ਪਰਿਵਾਰ ਨੇ ਉਨ੍ਹਾਂ ਦੀ ਉਡੀਕ ਵਿੱਚ ਅੰਤਿਮ ਸਸਕਾਰ ਰੋਕ ਦਿੱਤਾ ਸੀ। ਹੁਣ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣਗੇ।
ਅੰਮ੍ਰਿਤਪਾਲ ਨੂੰ ਲਿਆਉਣ-ਲਿਜਾਣ 'ਤੇ 10 ਲੱਖ ਰੁਪਏ ਦਾ ਖਰਚ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ 'ਤੇ ਕਰੀਬ 10 ਲੱਖ ਰੁਪਏ ਦਾ ਖਰਚ ਆਉਣ ਦੀ ਗੱਲ ਸਾਹਮਣੇ ਆਈ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਇਸ ਰਕਮ ਦੀ ਅਦਾਇਗੀ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ ਹੈ।