ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਨੈਸ਼ਨਲ ਹੈਲਥ ਮਿਸ਼ਨ ਤਹਿਤ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਜਿਸ ਕਾਰਨ ਮੁਲਾਜ਼ਮਾਂ ਨੇ ਤਰਨਤਾਰਨ ਦੇ ਸਰਕਾਰੀ ਹਸਪਤਾਲ ਵਿੱਚ ਧਰਨਾ ਲਗਾ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ।
ਇਸ ਮੌਕੇ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਦੇ ਆਗੂ ਮਨਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਵਾਅਦੇ ਨੂੰ ਪੂਰੇ ਕਰਨਾ ਤਾਂ ਦੂਰ, ਹੁਣ ਤਨਖਾਹਾਂ ਲਈ ਵੀ ਮੁਲਾਜ਼ਮਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਅੱਜ ਪੰਜਾਬ ਭਰ ਵਿੱਚ ਐੱਨ.ਐੱਚ.ਐੱਮ ਵਰਕਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤਨਖਾਹਾਂ ਜਲਦੀ ਜਾਰੀ ਨਾ ਕੀਤੀਆਂ ਗਈਆਂ ਤਾਂ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ।