ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ਉੱਤੇ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੋਟਿੰਗ ਸਮੇਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੋਟਿੰਗ ਸਮੇਂ ਵਿੱਚ ਵਾਧਾ ਕਰਨ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ।
ਚੋਣ ਕਮਿਸ਼ਨ ਨੂੰ ਪੱਤਰ:- ਡਾ. ਦਲਜੀਤ ਸਿੰਘ ਚੀਮਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਦਿਆਂ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਅਜਿਹੇ ਸੀਮਤ ਸਮੇਂ ਗਰੀਬ ਪਰਿਵਾਰਾਂ,ਕਿਸਾਨਾਂ ਅਤੇ ਦਿਹਾੜੀਦਾਰਾਂ ਨੂੰ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਨਹੀਂ ਕਰ ਪਾਉਣਗੇ, ਜਿਸ ਕਰਕੇ ਕੁੱਲ ਵੋਟ ਪ੍ਰਤੀਸ਼ਤ ਵਿੱਚ ਕਮੀ ਆਵੇਗੀ।
ਸਮਾਂ ਵਧਾਉਣ ਦੀ ਮੰਗ:-ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਵੱਧ ਤੋਂ ਵੱਧ ਭਾਗੀਦਾਰੀ ਅਤੇ ਸੱਚਮੁੱਚ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵੋਟਿੰਗ ਦਾ ਸਮਾਂ ਘੱਟੋ-ਘੱਟ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਵਧਾਇਆ ਜਾਵੇ। ਲੋਕਤੰਤਰ ਸਾਰਿਆਂ ਲਈ ਪਹੁੰਚ ਯੋਗ ਹੋਣਾ ਚਾਹੀਦਾ ਹੈ।

ਪੁਲਿਸ ਵੱਲੋਂ ਪ੍ਰਬੰਧ ਸਖ਼ਤ:-ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੇ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ। ਜਿਸ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਡੀਜੀਪੀ ਨੇ ਦੱਸਿਆ ਕਿ ਚੋਣਾਂ ਸਫ਼ਲਤਾਪੂਰਵਕ ਸਿਰੇ ਚੜਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 13395 ਪੋਲਿੰਗ ਸਟੇਸ਼ਨਾਂ ’ਤੇ 18718 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 860 ਨੂੰ ਅਤਿ-ਸੰਵੇਦਨਸ਼ੀਲ ਅਤੇ 3405 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਐਲਾਨਿਆ ਗਿਆ ਹੈ।