Trending:
ਪਠਾਨਕੋਟ: ਪਠਾਨਕੋਟ ਪੁਲਿਸ ਨੇ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਬਹਿਤਰੀਨ ਤਾਲਮੇਲ ਕਰਦਿਆਂ ਪਾਕਿਸਤਾਨ ਦੀ ਇੱਕ ਵੱਡੀ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਨਰੋਟ ਜੈਮਲ ਸਿੰਘ ਤੋਂ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਆਤੰਕੀ ਗਤੀਵਿਧੀਆਂ ਵਿੱਚ ਵਰਤੀ ਜਾਣੀ ਸੀ।
ਪੁਲਿਸ ਵੱਲੋਂ ਖੇਤਾਂ ਵਿੱਚੋਂ 3 ਏ.ਕੇ-47 ਰਾਈਫ਼ਲਾਂ, 5 ਮੈਗਜ਼ੀਨ, 2 ਪਿਸਤੌਲ, 2 ਮੈਗਜ਼ੀਨ ਅਤੇ 98 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਭੇਜੀ ਗਈ ਸੀ, ਜਿਸਦਾ ਮਕਸਦ ਭਾਰਤ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਅੰਜਾਮ ਦੇਣਾ ਸੀ।
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਰਾਹੀਂ ਭਾਰਤ ਵਿੱਚ ਅਮਨ-ਚੈਨ ਭੰਗ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਆਈ.ਐੱਸ.ਆਈ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਵਾਈ ਜਾਂਦੀ ਹੈ। ਇਸੇ ਕੜੀ ਤਹਿਤ ਕੇਂਦਰੀ ਏਜੰਸੀਆਂ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਪਠਾਨਕੋਟ ਪੁਲਿਸ ਨੇ ਇਹ ਵੱਡੀ ਕਾਰਵਾਈ ਅੰਜਾਮ ਦਿੱਤੀ।
ਡੀ.ਆਈ.ਜੀ ਬਾਰਡਰ ਰੇਂਜ ਨੇ ਇਸ ਸਫ਼ਲਤਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਹ ਵੱਡੀ ਕਾਰਵਾਈ ਸੰਭਵ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਬਰਾਮਦ ਹਥਿਆਰ ਆਤੰਕੀ ਗਤੀਵਿਧੀਆਂ ਲਈ ਵਰਤੇ ਜਾਣੇ ਸਨ।
ਉਨ੍ਹਾਂ ਦੱਸਿਆ ਕਿ ਹਥਿਆਰਾਂ ਦੀ ਖੇਪ ਬਰਾਮਦ ਹੋਣ ਤੋਂ ਬਾਅਦ ਇਲਾਕੇ ਵਿੱਚ ਸਰਚ ਅਭਿਆਨ ਤੇਜ਼ ਕਰ ਦਿੱਤਾ ਗਿਆ ਹੈ, ਜਦਕਿ ਮਿਲੀ ਜਾਣਕਾਰੀ ਦੇ ਆਧਾਰ ‘ਤੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀਆਂ ਵੀ ਜਾਰੀ ਹਨ। ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਗਿਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।