ਪੰਜਾਬ ਤੋਂ ਲੋਕ ਸਭਾ ਸਾਂਸਦਾਂ ਨੇ ਬੁੱਧਵਾਰ ਨੂੰ ਸੂਬੇ ਦੇ ਕਿਸਾਨਾਂ ਦੇ ਹਾਲਾਤ ਨੂੰ ਲੈ ਕੇ ਸੰਸਦ ਵਿੱਚ ਚਿੰਤਾ ਜ਼ਾਹਿਰ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
ਆਮ ਆਦਮੀ ਪਾਰਟੀ ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਗਸਤ-ਸਤੰਬਰ ਵਿੱਚ ਭਾਰੀ ਮੀਂਹ ਕਾਰਨ ਛੇ ਜ਼ਿਲ੍ਹਿਆਂ ਦੇ 2,500 ਪਿੰਡਾਂ ਵਿੱਚ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ। ਕੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਕਈ ਕੇਂਦਰੀ ਮੰਤਰੀਆਂ ਨੇ ਕੁਦਰਤੀ ਆਫਤ ਤੋਂ ਬਾਅਦ ਪੰਜਾਬ ਦਾ ਦੌਰਾ ਕੀਤਾ ਸੀ। ਪਰ ਸੂਬੇ ਨੂੰ ਕੇਂਦਰ ਵੱਲੋਂ ਵਾਅਦਾ ਕੀਤੀ ਗਈ ਸਹਾਇਤਾ ਦਾ ਇਕ ਵੀ ਪੈਸਾ ਨਹੀਂ ਮਿਲਿਆ, ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ 50,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੇ ਐਲਾਨ ਕਰਨ ਦੀ ਮੰਗ ਕਰਦਾ ਹਾਂ।
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰਾਵੀ ਅਤੇ ਬਿਆਸ ਦਰਿਆਵਾਂ ਵਿੱਚ ਆਏ ਹੜ੍ਹਾਂ ਕਾਰਨ ਪੰਜ ਲੱਖ ਹੈਕਟੇਅਰ ਖੇਤੀਯੋਗ ਜ਼ਮੀਨ ਮਲਬੇ ਹੇਠ ਦੱਬ ਗਈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਫਸਲਾਂ ਦੇ ਨੁਕਸਾਨ ਨੂੰ ਪੂਰਾ ਕਰਨ ਅਤੇ ਕਿਸਾਨਾਂ ਨੂੰ ਸਹਾਇਤਾ ਮੁਹੱਈਆ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ। ਸਾਬਕਾ ਕੇਂਦਰੀ ਮੰਤਰੀ ਬਾਦਲ ਨੇ ਮੁਆਵਜ਼ਾ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਨ ਦੀ ਮੰਗ ਕੀਤੀ।