Trending:
ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸਵੀਟ ਸ਼ਾਪ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੁਕਾਨ ਖੋਲ੍ਹਣ ਦੇ ਕੇਵਲ 15 ਮਿੰਟ ਬਾਅਦ ਹੀ ਹਮਲਾਵਰਾਂ ਨੇ ਦੁਕਾਨ ਨੂੰ ਨਿਸ਼ਾਨਾ ਬਣਾਇਆ। ਇਸ ਅਚਾਨਕ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਦੁਕਾਨਦਾਰ ਤੇ ਉੱਥੇ ਮੌਜੂਦ ਲੋਕਾਂ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ।
ਪ੍ਰਾਪਤ ਜਾਣਕਾਰੀ ਮੁਤਾਬਕ ਹਮਲਾਵਰਾਂ ਵੱਲੋਂ ਸੱਤ ਤੋਂ ਅੱਠ ਰਾਊਂਡ ਫਾਇਰ ਕੀਤੇ ਗਏ। ਗਨੀਮਤ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ, ਪਰ ਦੁਕਾਨ ਅਤੇ ਆਸ-ਪਾਸ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਫਾਇਰਿੰਗ ਦੀ ਆਵਾਜ਼ ਸੁਣਦੇ ਹੀ ਇਲਾਕੇ ਵਿੱਚ ਹਫੜਾ-ਦਫ਼ੜੀ ਮਚ ਗਈ ਤੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੱਲ੍ਹ ਵੀ ਫਗਵਾੜਾ ਦੌਰੇ ‘ਤੇ ਸਨ ਤੇ ਅੱਜ ਵੀ ਉਨ੍ਹਾਂ ਦੇ ਫਗਵਾੜਾ ਪਹੁੰਚਣ ਤੋਂ ਕੁਝ ਸਮਾਂ ਪਹਿਲਾਂ ਹੀ ਇਹ ਫਾਇਰਿੰਗ ਦੀ ਘਟਨਾ ਵਾਪਰੀ। ਇਸ ਨੂੰ ਲੈ ਕੇ ਲੋਕਾਂ ਵਿੱਚ ਡਰ ਅਤੇ ਗੁੱਸਾ ਦੋਵੇਂ ਹੀ ਵੇਖਿਆ ਜਾ ਰਿਹਾ ਹੈ।
ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਮੌਕੇ ‘ਤੇ ਪਹੁੰਚੇ ਅਤੇ ਪੀੜਤ ਦੁਕਾਨਦਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਦਿਨ ਦਿਹਾੜੇ ਇਸ ਤਰ੍ਹਾਂ ਦੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਉੱਧਰ, ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।