ਫਗਵਾੜਾ ਵਿੱਚ ਗੋਲੀਆਂ ਚੱਲਣ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਫਗਵਾੜਾ ਦੇ ਪਿੰਡ ਬੋਹਾਨੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਮਾਮੂਲੀ ਝਗੜੇ ਤੋਂ ਬਾਅਦ ਹਵਾਈ ਫਾਇਰ ਕਰਕੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਗਈ।
ਜਾਣਕਾਰੀ ਮੁਤਾਬਕ, ਪਿੰਡ ਬੋਹਾਨੀ ਵਿੱਚ ਇੱਕ ਦੁਕਾਨਦਾਰ ਨਾਲ ਨੌਜਵਾਨ ਦਾ ਕਿਸੇ ਗੱਲ ਨੂੰ ਲੈ ਕੇ ਮਮੂਲੀ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਨੌਜਵਾਨ ਉਥੋਂ ਚਲਾ ਗਿਆ, ਪਰ ਕੁਝ ਸਮੇਂ ਬਾਅਦ ਮੁੜ ਵਾਪਸ ਆ ਕੇ ਗਾਲੀ-ਗਲੋਚ ਕਰਨ ਲੱਗ ਪਿਆ। ਇਸ ਦੌਰਾਨ ਉਸ ਨੇ ਅਚਾਨਕ ਹਵਾਈ ਫਾਇਰ ਕਰ ਦਿੱਤੇ, ਜਿਸ ਨਾਲ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਇਸ ਸਬੰਧੀ ਥਾਣਾ ਰਾਵਲਪਿੰਡੀ ਦੇ ਐਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਆਰੋਪੀ ਹਰਵਿੰਦਰ ਸਿੰਘ ਉਰਫ਼ ਲਾਡੀ, ਵਾਸੀ ਪਿੰਡ ਨੰਗਲ, ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਆਰੋਪੀ ਇਸ ਵੇਲੇ ਪੁਲਿਸ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਉਸ ਦੀ ਭਾਲ ਜਾਰੀ ਹੈ। ਨਾਲ ਹੀ ਝਗੜੇ ਅਤੇ ਗੋਲੀ ਚਲਾਉਣ ਦੇ ਕਾਰਨਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ, ਪੁਲਿਸ ਵੱਲੋਂ ਇਲਾਕੇ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।