ਫਿਲੌਰ ਦੇ ਨੇੜਲੇ ਪਿੰਡ ਤੇਹਿੰਗ ਤੋਂ ਹੈਰਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਵੱਲੋਂ ਘਰੇਲੂ ਕਲੇਸ਼ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।
ਨੌਜਵਾਨ ਨੇ ਪਤਨੀ ਅਤੇ ਸੱਸ ‘ਤੇ ਲਗਾਏ ਦੋਸ਼
ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਸਤਪਾਲ ਵਾਸੀ ਪਿੰਡ ਤੇਹਿੰਗ ਵਜੋਂ ਹੋਈ ਹੈ। ਮਰਨ ਤੋਂ ਪਹਿਲਾਂ ਮ੍ਰਿਤਕ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਆਪਣੀ ਪਤਨੀ ਅਤੇ ਸੱਸ ‘ਤੇ ਗੰਭੀਰ ਦੋਸ਼ ਲਗਾਏ ਅਤੇ ਵੀਡੀਓ ਵਿੱਚ ਇਹ ਵੀ ਕਿਹਾ ਕਿ ਉਸ ਨੇ ਜ਼ਹਿਰੀਲੀ ਦਵਾਈ ਖਾ ਲਈ ਹੈ। ਵੀਡੀਓ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿਵਲ ਹਸਪਤਾਲ ਫਿਲੌਰ ਲੈ ਕੇ ਪਹੁੰਚੇ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਐਂਬੂਲੈਂਸ ਨਾ ਮਿਲਣ ਕਾਰਨ ਨੌਜਵਾਨ ਦੀ ਗਈ ਜਾਨ
ਇਸ ਘਟਨਾ ਤੋਂ ਬਾਅਦ ਹਸਪਤਾਲ ‘ਚ ਮੌਜੂਦ ਮਹੱਲਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜੇ ਕੀਤੇ ਗਏ। ਉਨ੍ਹਾਂ ਦਾ ਦੋਸ਼ ਹੈ ਕਿ ਨੌਜਵਾਨ ਦੀ ਹਾਲਤ ਗੰਭੀਰ ਹੋਣ ਦੇ ਬਾਵਜੂਦ ਵੀ ਸਮੇਂ ਸਿਰ ਐਂਬੂਲੈਂਸ ਦੀ ਸੁਵਿਧਾ ਨਹੀਂ ਦਿੱਤੀ ਗਈ, ਜਿਸ ਕਾਰਨ ਉਸ ਦੀ ਜਾਨ ਨਹੀਂ ਬਚ ਸਕੀ।
ਹਸਪਤਾਲ ਸਿਰਫ ਨਾਂਅ ਦਾ ਹੀ ਹੈ
ਮਹੱਲਾ ਵਾਸੀਆਂ ਨੇ ਇਹ ਵੀ ਆਰੋਪ ਲਗਾਇਆ ਕਿ ਸਿਵਲ ਹਸਪਤਾਲ ਸਿਰਫ ਨਾਂਅ ਦਾ ਹੀ ਹਸਪਤਾਲ ਬਣ ਕੇ ਰਹਿ ਗਿਆ ਹੈ ਅਤੇ ਜ਼ਿਆਦਾਤਰ ਮਰੀਜ਼ਾਂ ਨੂੰ ਅੱਗੇ ਰੈਫਰ ਕਰ ਦਿੱਤਾ ਜਾਂਦਾ ਹੈ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਗਿਆ ਕਿ ਜੇਕਰ ਸਮੇਂ ਸਿਰ ਦਖ਼ਲਅੰਦਾਜ਼ੀ ਕੀਤੀ ਜਾਂਦੀ ਤਾਂ ਸ਼ਾਇਦ ਨੌਜਵਾਨ ਦੀ ਜਾਨ ਬਚ ਸਕਦੀ ਸੀ।
ਪੁਲਿਸ ਮਾਮਲੇ ਦੀ ਕਰ ਰਹੀ ਜਾਂਚ
ਇਸ ਮਾਮਲੇ ‘ਚ ਥਾਣਾ ਫਿਲੌਰ ਦੇ ਐਸਐਚਓ ਅਮਨ ਸੈਣੀ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇੱਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਹੈ ਅਤੇ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਵਾਇਰਲ ਕੀਤੀ ਗਈ ਹੈ। ਐਸਐਚਓ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।