ਪੰਜਾਬ ਵਿੱਚ ਇਨ੍ਹੀਂ ਦਿਨੀਂ ਠੰਢ ਲਗਾਤਾਰ ਵੱਧ ਰਹੀ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਸੂਬੇ ‘ਚ ਤਾਪਮਾਨ ਲਗਾਤਾਰ ਘੱਟ ਰਿਹਾ ਹੈ, ਅਤੇ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧਣ ਦੀ ਉਮੀਦ ਹੈ। ਅਗਲੇ ਹਫ਼ਤੇ ਤੱਕ ਘੱਟੋ-ਘੱਟ ਤਾਪਮਾਨ 2 ਡਿਗਰੀ ਤੱਕ ਡਿੱਗ ਸਕਦਾ ਹੈ।
ਦਿਨ ਦਾ ਤਾਪਮਾਨ ਆਮ ਬਣਿਆ ਹੋਇਆ ਹੈ, ਪਰ ਰਾਤ ਦਾ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ। ਫਰੀਦਕੋਟ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 9.1 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 9.8 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 8 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਵਿੱਚ 9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ 2 ਦਿਨਾਂ ਵਿੱਚ ਤਾਪਮਾਨ ਹੋਰ ਡਿੱਗ ਸਕਦਾ ਹੈ। ਪੰਜਾਬ ਦੇ ਨਾਲ ਨਾਲ ਲੱਗਦੇ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਅਗਲੇ ਚਾਰ ਦਿਨਾਂ ਲਈ ਠੰਢੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 15 ਨਵੰਬਰ ਤੱਕ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਦੀ ਸੰਭਾਵਨਾ ਹੈ।