Trending:
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਸਮੇਤ ਖਤਮ ਕਰਨ ਲਈ ਮਿਸ਼ਨ ਮੋਡ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ, ਰੋਕਥਾਮ, ਇਲਾਜ ਅਤੇ ਪੁਨਰਵਾਸ ਨੂੰ ਇੱਕ ਮਜ਼ਬੂਤ ਮਾਡਲ ਰਾਹੀਂ ਜੋੜ ਕੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ।
ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ‘ਜ਼ੀਰੋ ਟੋਲਰੈਂਸ’ ਨੀਤੀ ਅਧੀਨ ਤਸਕਰੀ ਅਤੇ ਨਸ਼ਾ ਸਪਲਾਈ ਦੇ ਮਾਮਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕ ਸੰਪਰਕ ਸਮੇਤ ਸਾਰੇ ਵਿਭਾਗ ਇੱਕਜੁਟ ਹੋ ਕੇ ਕੰਮ ਕਰਨ ਤਾਂ ਜੋ ਨਸ਼ਾ-ਮੁਕਤੀ ਕਾਰਜ ਯੋਜਨਾ ਦੀ ਪ੍ਰਭਾਵਸ਼ੀਲਤਾ ਲਾਗੂ ਹੋ ਸਕੇ। ਮੀਟਿੰਗ ਵਿੱਚ ਬਲਜੀਤ ਕੌਰ ਨੇ ਦੱਸਿਆ ਕਿ 2024–25 ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 800 ਤੋਂ ਵੱਧ ਜਾਗਰੂਕਤਾ ਸਮਾਗਮ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ 7.5 ਲੱਖ ਲੋਕਾਂ ਦੀ ਸ਼ਮੂਲੀਅਤ ਪੰਜਾਬ ਸਰਕਾਰ ਦੀ ਕੋਸ਼ਿਸ਼ਾਂ ‘ਤੇ ਭਰੋਸੇ ਨੂੰ ਦਰਸਾਉਂਦੀ ਹੈ। ਇਹ ਮੁਹਿੰਮ ਸੂਬੇ ਦੇ ਹਰ ਪੱਧਰ ‘ਤੇ ਮਜ਼ਬੂਤ ਲੋਕ-ਸਹਿਯੋਗ ਨਾਲ ਚੱਲ ਰਹੀ ਹੈ।

ਮੀਟਿੰਗ ਦੌਰਾਨ 2025–26 ਲਈ ਨਸ਼ਾ ਮੁਕਤ ਯੋਜਨਾ ਤਹਿਤ ₹49.96 ਕਰੋੜ ਦੇ ਸਟੇਟ ਐਕਸ਼ਨ ਪਲਾਨ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤਹਿਤ ਸਿੱਖਿਆ, ਸਿਹਤ, ਖੇਡਾਂ, ਅਤੇ ਲੋਕ ਸੰਪਰਕ ਵਿਭਾਗਾਂ ਰਾਹੀਂ ਜਾਗਰੂਕਤਾ, ਇਲਾਜ, ਡੀ-ਐਡਿਕਸ਼ਨ ਸੇਵਾਵਾਂ ਅਤੇ ਸਮਰੱਥਾ ਨਿਰਮਾਣ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਈ.ਜੀ ਅਕਸ਼ਦੀਪ ਸਿੰਘ ਔਲਖ, ਜੇਲ੍ਹ ਵਿਭਾਗ ਦੇ ਆਈ.ਜੀ ਆਰ.ਕੇ ਅਰੋੜਾ, ਉਚੇਰੀ ਸਿੱਖਿਆ ਅਤੇ ਸਕੂਲ ਵਿਭਾਗ ਦੇ ਜਾਇੰਟ ਸਕੱਤਰ ਸੰਜੀਵ ਸ਼ਰਮਾ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਡਾਇਰੈਕਟਰ ਚਰਨਜੀਤ ਸਿੰਘ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਹਾਇਕ ਲੋਕ ਸੰਪਰਕ ਅਧਿਕਾਰੀ ਦਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿਧੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।