ਪੰਜਾਬ ਵਿਧਾਨ ਸਭਾ ਚੋਣਾਂ 2027: AAP ਦੀ ਦੂਜੀ ਸੂਚੀ ਜਾਰੀ, 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ; ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਇਸ ਸੂਚੀ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦੂਜੇ ਪਾਸੇ, ਕਈ ਮੌਜੂਦਾ ਵਿਧਾਇਕਾਂ ਨੂੰ ਇਸ ਵਾਰ ਪਾਰਟੀ ਨੇ ਟਿਕਟ ਨਹੀਂ ਦਿੱਤੀ।
ਜਾਣਕਾਰੀ ਮੁਤਾਬਕ, ਅਨਮੋਲ ਗਗਨ ਮਾਨ, ਕੁੰਵਰ ਵਿਜੇ ਪ੍ਰਤਾਪ ਸਿੰਘ, ਲਾਲਜੀਤ ਸਿੰਘ ਭੁੱਲਰ, ਰਮਨ ਅਰੋੜਾ ਅਤੇ ਚਰਨਜੀਤ ਸਿੰਘ ਨੂੰ ਇਸ ਵਾਰ ਟਿਕਟ ਨਹੀਂ ਦਿੱਤੀ ਗਈ। ਇਨ੍ਹਾਂ ਆਗੂਆਂ ਦੀਆਂ ਟਿਕਟਾਂ ਕੱਟੇ ਜਾਣ ਨੂੰ ਪਾਰਟੀ ਦੇ ਉਮੀਦਵਾਰ ਚੋਣ ਪ੍ਰਕਿਰਿਆ ਵਿੱਚ ਅਹਿਮ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।
ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਮ ਸਨ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 31 ਅਕਤੂਬਰ ਨੂੰ ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ।
ਹੁਣ ਦੂਜੀ ਸੂਚੀ ਵਿੱਚ 31 ਹੋਰ ਉਮੀਦਵਾਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਇਸ ਤਰ੍ਹਾਂ ਪਾਰਟੀ ਹੁਣ ਤੱਕ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੁੱਲ 71 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।