Sunday, 15th of November 2026

SAD ਨੇ ਖਿੱਚੀ ਚੋਣਾਂ 2027 ਦੀ ਤਿਆਰੀ, ਰਾਏਕੋਟ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ, ਸੁਖਬੀਰ ਬਾਦਲ ਨੇ ਨਾਲ ਹੀ ਸੌਂਪੀ ਹਲਕੇ ਦੀ ਜ਼ਿੰਮੇਵਾਰੀ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਵੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ।

Edited By: Lajwinder Kaur | Updated at:
SAD ਨੇ ਖਿੱਚੀ ਚੋਣਾਂ 2027 ਦੀ ਤਿਆਰੀ, ਰਾਏਕੋਟ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ, ਸੁਖਬੀਰ ਬਾਦਲ ਨੇ ਨਾਲ ਹੀ ਸੌਂਪੀ ਹਲਕੇ ਦੀ ਜ਼ਿੰਮੇਵਾਰੀ

SAD ਨੇ ਖਿੱਚੀ ਚੋਣਾਂ 2027 ਦੀ ਤਿਆਰੀ, ਰਾਏਕੋਟ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ, ਸੁਖਬੀਰ ਬਾਦਲ ਨੇ ਨਾਲ ਹੀ ਸੌਂਪੀ ਹਲਕੇ ਦੀ ਜ਼ਿੰਮੇਵਾਰੀ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਵੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਪਾਰਟੀ ਨੇ ਰਾਏਕੋਟ ਵਿਧਾਨ ਸਭਾ ਹਲਕੇ ਤੋਂ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਸ਼ੁੱਕਰਵਾਰ ਨੂੰ ਪਿੰਡ ਨੱਥੋਵਾਲ ਵਿਖੇ ਹੋਈ ਇੱਕ ਵੱਡੀ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਭਦੀਪ ਸਿੰਘ ਨੱਥੋਵਾਲ ਦੇ ਨਾਂ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਏਕੋਟ ਹਲਕੇ ਦਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ।

ਸਰਕਾਰੀ ਨੌਕਰੀ ਤੋਂ ਦੇ ਚੁੱਕੇ ਹਨ ਅਸਤੀਫ਼ਾ

ਪ੍ਰਭਦੀਪ ਸਿੰਘ ਨੱਥੋਵਾਲ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਅਕਤੂਬਰ ਮਹੀਨੇ ਵਿੱਚ ਆਪਣੀ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਵਿੱਚ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ।

ਨੱਥੋਵਾਲ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਟਿਕਟ ਦੇਣ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ, ਉਨ੍ਹਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਉਨ੍ਹਾਂ ਮੁਤਾਬਕ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਸਰਵਧਰਮ ਸਦਭਾਵਨਾ ਦੀ ਰਾਜਨੀਤੀ ਤੋਂ ਪ੍ਰਭਾਵਿਤ ਹਨ।

ਹੁਣ ਤੱਕ ਅਕਾਲੀ ਦਲ ਨੇ ਕਿਹੜੇ ਉਮੀਦਵਾਰ ਐਲਾਨੇ?

ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਦੋ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਘਨੌਰ: ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਪਾਰਟੀ ਨੇ ਆਪਣਾ ਪਹਿਲਾ ਉਮੀਦਵਾਰ ਐਲਾਨਿਆ ਸੀ।

ਰਾਏਕੋਟ: ਹੁਣ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਦੂਜੇ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ।

ਜਲਾਲਾਬਾਦ ਅਤੇ ਅਮਰਗੜ੍ਹ ਸੀਟਾਂ ਨੂੰ ਲੈ ਕੇ ਵੀ ਚਰਚਾ

ਇਨ੍ਹਾਂ ਤੋਂ ਇਲਾਵਾ ਕੁਝ ਹੋਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਾਮਿੰਦਰ ਸਿੰਘ ਆਵਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਉੱਥੋਂ ਉਮੀਦਵਾਰ ਬਣਾਏ ਜਾਣ ਦੀਆਂ ਅਟਕਲਾਂ ਹਨ।

ਇਸੇ ਤਰ੍ਹਾਂ ਅਮਰਗੜ੍ਹ ਹਲਕੇ ਤੋਂ ਨੌਜਵਾਨ ਆਗੂ ਜਸਬੀਰ ਸਿੰਘ ਜੱਸੀ ਮੰਨਵੀ ਨੂੰ ਪਾਰਟੀ ਨੇ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਹਾਲਾਂਕਿ, ਇਨ੍ਹਾਂ ਦੋਵਾਂ ਹਲਕਿਆਂ ਤੋਂ ਉਮੀਦਵਾਰਾਂ ਬਾਰੇ ਅਜੇ ਅਧਿਕਾਰਤ ਐਲਾਨ ਨਹੀਂ ਹੋਇਆ ਹੈ।

ਫਿਲਹਾਲ ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਪੂਰੀ ਸੂਚੀ ਜਾਰੀ ਨਹੀਂ ਕੀਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਹੋਰ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਭਾਜਪਾ ਨਾਲ ਸੰਭਾਵਿਤ ਗਠਜੋੜ ਦੀ ਸਥਿਤੀ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਬਦਲਾਅ ਹੋ ਸਕਦਾ ਹੈ।