Wednesday, 26th of November 2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ

Reported by: Gurpreet Singh  |  Edited by: Jitendra Baghel  |  November 25th 2025 04:09 PM  |  Updated: November 25th 2025 04:57 PM
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਆਪਣੇ ਸੰਬੋਧਨ ਵਿੱਚ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਈ ਜਾਵੇਗੀ। ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਨੂੰ ਪੂਰੀ ਤਰ੍ਹਾਂ ਮੁਫ਼ਤ ਬੱਸ ਤੇ ਆਟੋ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸਦੀ ਸਾਰੀ ਲਾਗਤ ਸਰਕਾਰ ਵੱਲੋਂ ਸਹਿਣ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਨਵੀਂ ਵਿਰਾਸਤੀ ਗਲੀ ਵਿਕਸਤ ਕੀਤੀ ਜਾਵੇਗੀ, ਜੋ ਸ਼ਹਿਰ ਦੀ ਸੱਭਿਆਚਾਰਕ ਅਤੇ ਇਤਿਹਾਸਕ ਮਹੱਤਤਾ ਨੂੰ ਦਰਸਾਉਂਦੀ ਹੈ, ਨਾਲ ਹੀ ਆਧੁਨਿਕ ਸਹੂਲਤਾਂ ਵੀ ਪ੍ਰਦਾਨ ਕਰੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਚਰਨ ਗੰਗਾ ਸਟੇਡੀਅਮ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ ਤੇ ਸ਼ਹਿਰ ਵਿੱਚ ਸਰਕਾਰੀ ਦੁਕਾਨਾਂ ਨੂੰ ਇੱਕਸਾਰ ਦਿੱਖ ਨਾਲ ਨਵਿਆਇਆ ਜਾਵੇਗਾ। ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਕੁਰਬਾਨੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਕੁਰਬਾਨੀ ਹੋਰ ਕਿਤੇ ਵੀ ਨਹੀਂ ਦੇਖੀ ਜਾ ਸਕਦੀ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੇ ਧਾਰਮਿਕ/ਸੱਭਿਆਚਾਰਕ ਸਮਾਗਮਾਂ ਅਤੇ ਖੇਡ ਗਤੀਵਿਧੀਆਂ ਨੂੰ ਆਧੁਨਿਕ ਪੱਧਰ 'ਤੇ ਆਯੋਜਿਤ ਕੀਤਾ ਜਾ ਸਕੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਵਿਦੇਸ਼ਾਂ ਵਿੱਚ ਬਹੁਤ ਸਾਰੀਆਂ ਥਾਵਾਂ ਸੋਹਣੀਆਂ ਹੁੰਦੀਆਂ ਹੋਣਗੀਆਂ ਪਰ ਕੋਈ ਵਿਗਿਆਨੀ ਜਾਂ ਅਫਸਰ ਜਦੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਵੇ ਤਾਂ ਪਤਾ ਲੱਗੇ ਕਿ ਇਸ ਧਰਤੀ 'ਤੇ ਕੁਝ੍ਹ ਖਾਸ ਹੈ, ਦੁਨੀਆਂ ਤੋਂ ਵੱਖ ਹੈ। ਕਿਉਂਕਿ ਇਸ ਦੇਸ਼ ਨੂੰ ਬਚਾਉਣ ਲਈ ਗੁਰੂ ਸਾਹਿਬ ਕੁਰਬਾਨੀ ਦਿੱਤੀ ਹੈ। ਸੀਸ ਵਾਰਿਆ ਹੈ।'

ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਤਨੀ ਡਾ. ਗੁਰਪ੍ਰੀਤ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਅਤੇ ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਚੌਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਕੀਤੀ। ਇਸ ਉਪਰੰਤ ਉਨ੍ਹਾਂ ਕਿਹਾ ਕਿ 'ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।