14 ਦਸੰਬਰ ਨੂੰ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਹਨ ਅਤੇ 17 ਦਸੰਬਰ ਨੂੰ ਇਨ੍ਹਾਂ ਦੇ ਨਤੀਜੇ ਆਉਣਗੇ। ਚੋਣਾਵੀਂ ਮਾਹੌਲ ਵਿਚਾਲੇ ਕਿਸੇ ਵੀ ਤਰ੍ਹਾਂ ਦੀ ਸ਼ਾਂਤੀ ਭੰਗ ਨਾ ਹੋਵੇ, ਇਸ ਲਈ ਪ੍ਰਸ਼ਾਸਨ ਨੂੰ ਵੀ ਖਾਸ ਧਿਆਨ ਰੱਖਣਾ ਪੈਂਦਾ ਹੈ। ਚੋਣਾਂ ਵਾਲੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣਾ ਹੀ ਸਭ ਤੋਂ ਵੱਡੀ ਚੁਣੌਤੀ ਹੁੰਦੀ ਹੈ। ਇਸੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੋਂ ਹੀ ਤਿਆਰੀਆਂ ਅਰੰਭ ਕਰ ਦਿੱਤੀਆਂ ਗਈਆਂ ਹਨ। ਇਸੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦਾ ਹਥਿਆਰ ਲੈ ਕੇ ਜਾਣ 'ਤੇ ਸਖਤ ਪਾਬੰਦੀ ਲਾਈ ਗਈ ਹੈ। ਇਸ ਸਬੰਧੀ ਹੀ ਫਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੀਪਸ਼ਿਖਾ ਸ਼ਰਮਾ ਨੇ ਵੀ ਹੁਕਮ ਜਾਰੀ ਕਰ ਦਿੱਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਅਸਲਾ ਲਾਇਸੈਂਸ ਧਾਰਕਾਂ ਨੂੰ ਜ਼ਿਲ੍ਹਾ ਸਕ੍ਰੀਨਿੰਗ ਕਮੇਟੀ ਦੀ ਸਿਫ਼ਾਰਸ਼ 'ਤੇ ਜਿਲ੍ਹਾ ਮੈਜਿਸਟ੍ਰੇਟ ਦਫ਼ਤਰ ਤੋਂ ਲਾਇਸੈਂਸ ਜਾਰੀ ਕੀਤੇ ਗਏ ਹਨ, ਉਹ ਆਪਣੇ ਹਥਿਆਰ ਅਤੇ ਗੋਲੀਆਂ ਨਜ਼ਦੀਕੀ ਪੁਲਿਸ ਥਾਣੇ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਕੋਲ ਤੁਰੰਤ ਜਮਾ ਕਰਵਾਉਣ। ਇਹ ਫ਼ੈਸਲਾ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਏ ਰੱਖਣ ਲਈ ਲਿਆ ਗਿਆ ਹੈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਮੈਜਿਸਟ੍ਰੇਟ ਵੱਲੋਂ ਇਹ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਫੌਜ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਧਾਰਮਿਕ ਰੀਤੀ-ਰਿਵਾਜਾਂ ਕਾਰਨ ਹਥਿਆਰ ਰੱਖਣ ਲਈ ਅਧਿਕਾਰਤ ਵਿਅਕਤੀਆਂ, ਬੈਂਕਾਂ ਦੇ ਕਰਮਚਾਰੀਆਂ, ਬੈਂਕ ਗਾਰਡਾਂ, ਭਾਰਤ ਸਰਕਾਰ ਜਾਂ ਪੰਜਾਬ ਸਰਕਾਰ ਦੁਆਰਾ ਸੁਰੱਖਿਆ ਕਵਰ ਪ੍ਰਦਾਨ ਕੀਤੇ ਗਏ ਵਿਅਕਤੀਆਂ 'ਤੇ ਲਾਗੂ ਨਹੀਂ ਹੁੰਦਾ। ਇਹ ਹੁਕਮ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।
ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨੇ ਵੀ ਆਪਣੇ ਪੱਧਰ 'ਤੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੂਬੇ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਸਿਰਫ਼ 15 ਮਹੀਨੇ ਪਹਿਲਾਂ ਹੋ ਰਹੀਆਂ ਹਨ ਜਿਸ ਕਰਕੇ ਹਰੇਕ ਪਾਰਟੀ ਆਪਣਾ ਵੋਟ ਅਧਾਰ ਮਜ਼ਬੂਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ।