ਪੰਜਾਬ ਵਿੱਚ ਅੱਜ ਕਿਸਾਨਾਂ ਦੇ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ, ਇਸ ਤਹਿਤ ਦੁਪਹਿਰ 1 ਤੋਂ 3 ਵਜੇ ਤਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਰੇਲਾਂ ਰੋਕ ਕੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਨਾ ਸੀ। ਕਿਸਾਨ ਬਿਜਲੀ ਸੋਧ ਬਿੱਲ-2025 ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ ਪੰਜਾਬ ਦੀਆਂ ਕਈ ਜਗ੍ਹਾ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪਾਂ ਹੋ ਗਈਆਂ। ਰੇਲ ਰੋਕੋ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਮਾਹੌਲ ਤਣਾਅ ਪੂਰਨ ਹੋ ਗਿਆ।
ਕਿਸਾਨਾਂ ਨੇ ਕਿਹਾ ਕਿ ਬਿਜਲੀ ਐਕਟ 1948 ਅਧੀਨ ਸਰਕਾਰ ਨੇ ਲੋਕਾਂ ਦੀਆਂ ਸੁੱਖ ਸਹੂਲਤਾਂ ਲਈ ਬਿਜਲੀ ਦਾ ਪ੍ਰਬੰਧ ਕੀਤਾ ਸੀ ਪਰ ਹੁਣ ਬਿਜਲੀ ਸੋਧ ਬਿਲ 2025 ਨੂੰ ਸੰਸਦ ਦੇ ਸਰਦ ਰੁੱਤ ਵਿੱਚ ਪੇਸ਼ ਕਰਨ ਲਈ ਰਾਹੀਂ ਸੂਬੇ ਦੀਆਂ ਸਰਕਾਰਾਂ ਨੂੰ ਲਾਗੂ ਕਰਨ ਲਈ ਸਲਾਹਾਂ ਮੰਗੀਆਂ ਗਈਆਂ ਹਨ, ਜਿਸ ਸਬੰਧੀ ਸੂਬਾ ਸਰਕਾਰ ਨੇ ਵੀ ਇਸ ਦਾ ਵਿਰੋਧ ਕਰਨ ਲਈ ਚੁੱਪ ਵੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਸਾਰਾ ਬਿਜਲੀ ਪ੍ਰਬੰਧ ਨਿੱਜੀ ਹੱਥਾਂ ਵਿੱਚ ਜਾਣ ਕਾਰਨ ਕੰਪਨੀਆਂ ਵੱਲੋਂ ਬਿਜਲੀ ਇੰਨੀ ਮਹਿੰਗੀ ਕਰ ਦਿੱਤੀ ਜਾਵੇਗੀ ਕਿ ਗਰੀਬ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ|
ਕਿਸਾਨਾਂ ਦੇ ਵੱਲੋਂ ਪੰਜਾਬ ਦੇ 19 ਸਥਾਨਾਂ 'ਤੇ ਲਗਭਗ ਦੋ ਘੰਟੇ ਲਈ ਰੇਲ ਗੱਡੀਆਂ ਰੋਕੀਆਂ ਜਾਣੀਆਂ ਸਨ। ਇਸ ਤੋਂ ਪਹਿਲਾਂ ਹੀ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ 'ਤੇ ਤੜਕੇ ਹੀ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰਨਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ ਰੋਕਣ 'ਤੇ ਕਿਸਾਨ ਆਗੂਆਂ ਤੇ ਪੁਲਿਸ ਵਿਚਾਲੇ ਬਹਿਸ ਵੀ ਹੋਈ। ਇਸ ਦੌਰਾਨ ਕਈ ਥਾਵਾਂ 'ਤੇ ਕਿਸਾਨ ਰੇਲਵੇ ਟਰੈਕ 'ਤੇ ਡਟੇ ਹੋਏ ਹਨ।