Trending:
ਸੰਸਦ ਦੇ ਆਗਾਮੀ ਸਰਦ ਰੁੱਤ ਇਜਲਾਸ ਵਿੱਚ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਸੰਵਿਧਾਨ 131ਵੇਂ ਸੋਧ ਬਿੱਲ ਨੂੰ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਵਿੱਚ ਸਿਆਸਤ ਗਰਮਾ ਗਈ ਹੈ। ਸੱਤਾ ਧਿਰ ਆਮ ਆਦਮੀ ਪਾਰਟੀ ਤੋਂ ਲੈ ਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਇਤਰਾਜ ਜਤਾਇਆ ਹੈ । ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੇਂ ਸੋਧ) ਬਿੱਲ ਦਾ ਅਸੀਂ ਸਖ਼ਤ ਸ਼ਬਦਾਂ 'ਚ ਵਿਰੋਧ ਕਰਦੇ ਹਾਂ। ਇਹ ਸੋਧ ਪੰਜਾਬ ਦੇ ਹਿੱਤ ਦੇ ਵਿਰੁੱਧ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੁੱਧ ਘੜੀ ਜਾ ਰਹੀ ਸਾਜ਼ਿਸ਼ ਅਸੀਂ ਬਿਲਕੁੱਲ ਕਾਮਯਾਬ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ ਹੈ। ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗਾ। ਇਸ ਲਈ ਸਾਨੂੰ ਜੋ ਵੀ ਕਦਮ ਚੁੱਕਣਾ ਪਿਆ ਅਸੀਂ ਚੁੱਕਾਂਗੇ ।

ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸੋਧ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹੈ ਅਤੇ ਇਹ ਚੰਡੀਗੜ੍ਹ ਨੂੰ ਸੂਬੇ ਵਿੱਚ ਤਬਦੀਲ ਕਰਨ ਸਬੰਧੀ ਭਾਰਤ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਗਏ ਸਾਰੇ ਵਾਅਦਿਆਂ ਤੋਂ ਮੁਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪਿਛਲੀਆਂ ਕਾਂਗਰਸ ਸਰਕਾਰਾਂ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ ਅਤੇ ਸਾਨੂੰ ਸਾਡੀ ਰਾਜਧਾਨੀ ਤੋਂ ਵਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ, ਪੰਜਾਬ ਦੇ ਚੰਡੀਗੜ੍ਹ ਉੱਤੇ ਜੋ ਵੀ ਥੋੜ੍ਹਾ ਬਹੁਤਾ ਪ੍ਰਸ਼ਾਸਕੀ ਅਤੇ ਰਾਜਨੀਤਕ ਕੰਟਰੋਲ ਹੈ, ਉਸ ਨੂੰ ਹਟਾਉਣ ਦੀ ਕੋਸ਼ਿਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਪੇਸ਼ਕਦਮੀ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਸਥਾਈ ਤੌਰ ’ਤੇ ਖਤਮ ਕਰ ਦੇਵੇਗੀ। ਉਨ੍ਹਾਂ ਕਿਹਾ, ‘‘ਇਹ ਬਿੱਲ ਪੰਜਾਬ ਦੇ ਅਧਿਕਾਰਾਂ ’ਤੇ ਸਿੱਧਾ ਹਮਲਾ ਹੈ ਅਤੇ ਸੰਘਵਾਦ ਦੇ ਮੂਲ ਸਿਧਾਂਤਾਂ ਦੀ ਉਲੰਘਣਾ ਕਰਦਾ ਹੈ। ਅਸੀਂ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਾਂਗੇ,

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਵਿੱਚ ਤਜਵੀਜ਼ਤ 131ਵੀਂ ਸੋਧ, ਜਿਸ ਵਿੱਚ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਨ ਦੀ ਕਲਪਨਾ ਕੀਤੀ ਗਈ ਹੈ, ਕਾਫ਼ੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕਾਨੂੰਨ ਬਣਾਇਆ ਜਾਂਦਾ ਹੈ, ਤਾਂ ਇਸ ਦਾ ਪੰਜਾਬ ਵਿੱਚ ਗੰਭੀਰ ਨਤੀਜਾ ਨਿਕਲੇਗਾ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਚੰਡੀਗੜ੍ਹ ਨੂੰ 1966 ਵਿੱਚ ਪੰਜਾਬ ਦੀ ਰਾਜਧਾਨੀ ਵਜੋਂ ਬਣਾਇਆ ਗਿਆ ਸੀ, ਜਿਸ ਵਿੱਚ ਪੰਜਾਬ ਦੇ ਰਾਜਪਾਲ ਦਹਾਕਿਆਂ ਤੱਕ ਇਸਦੇ ਪ੍ਰਸ਼ਾਸਕ ਵਜੋਂ ਸੇਵਾ ਨਿਭਾਉਂਦੇ ਰਹੇ। ਹੁਣ ਕੇਂਦਰ ਦਾ 131ਵਾਂ ਸੋਧ ਚੰਡੀਗੜ੍ਹ ਨੂੰ ਧਾਰਾ 240 ਅਧੀਨ ਲਿਆਉਣ ਦਾ ਕਦਮ ਸ਼ਹਿਰ ਨੂੰ ਪੰਜਾਬ ਤੋਂ ਖੋਹਣ ਤੋਂ ਘੱਟ ਨਹੀਂ ਹੈ - ਇਤਿਹਾਸ, ਸੰਘਵਾਦ ਅਤੇ ਪੰਜਾਬ ਦੇ ਅਧਿਕਾਰਾਂ 'ਤੇ ਇੱਕ ਖੁੱਲ੍ਹਾ ਹਮਲਾ। ਕੇਂਦਰ ਦੀ BJP ਸਰਕਾਰ ਚੰਡੀਗੜ੍ਹ ਨੂੰ ਕਿਸੇ ਵੀ ਹੋਰ ਕੇਂਦਰ ਸ਼ਾਸਤ ਪ੍ਰਦੇਸ਼ ਵਾਂਗ ਮੁੜ ਸੁਰਜੀਤ ਕਰਨ ਲਈ ਰਾਜਨੀਤਿਕ ਤੌਰ 'ਤੇ ਭਾਰੇ ਸੰਵਿਧਾਨ (131ਵਾਂ ਸੋਧ) ਬਿੱਲ ਨੂੰ ਅੱਗੇ ਵਧਾ ਰਹੀ ਹੈ। ਇਹ ਪੰਜਾਬ 'ਤੇ ਇੱਕ ਹੋਰ ਜਾਣਬੁੱਝ ਕੇ ਹਮਲਾ ਹੈ। ਚੰਡੀਗੜ੍ਹ ਤੋਂ ਲੈ ਕੇ ਦਰਿਆਈ ਪਾਣੀਆਂ ਤੱਕ #PanjabUniversity ਤੱਕ, ਕੇਂਦਰ ਲਗਾਤਾਰ ਪੰਜਾਬ ਦੇ ਜਾਇਜ਼ ਅਧਿਕਾਰਾਂ ਨੂੰ ਖੋਹ ਰਿਹਾ ਹੈ। ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ ਅਤੇ ਇਸ ਵਧੀਕੀ ਨੂੰ ਰੋਕਣ ਲਈ ਇੱਕ ਰਣਨੀਤੀ ਬਣਾਉਣੀ ਚਾਹੀਦੀ ਹੈ।