ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਸ਼ਟਰੀ ਸਿਹਤ ਮਿਸ਼ਨ ਅਧੀਨ ANM ਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਹੈ।
ਭਰਤੀ ਪ੍ਰਕਿਰਿਆ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪ੍ਰਵਾਨਗੀ ਤਹਿਤ ANM ਦੀਆਂ ਕੁੱਲ 2 ਹਜ਼ਾਰ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 729 ਅਤੇ ਸਟਾਫ਼ ਨਰਸਾਂ ਦੀਆਂ ਕੁੱਲ 1896 ਪ੍ਰਵਾਨਿਤ ਅਸਾਮੀਆਂ ਵਿੱਚੋਂ 839 ਭਰੀਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ਼ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਵਿਘਨ ਨਾ ਪਵੇ ਅਤੇ ਇਸ ਲਈ ਠੇਕਾ-ਅਧਾਰਿਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ।
ਇਸ ਪਹਿਲਕਦਮੀ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿੱਤੀ ਵਚਨਬੱਧਤਾ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਭਰਤੀਆਂ ਦਾ ਕੁੱਲ ਸਾਲਾਨਾ 48.88 ਕਰੋੜ ਰੁਪਏ ਦਾ ਵਿੱਤੀ ਪ੍ਰਭਾਵ ਪੈਣ ਦੀ ਉਮੀਦ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ANM ਦੀਆਂ ਅਸਾਮੀਆਂ ਲਈ 18.98 ਕਰੋੜ ਰੁਪਏ ਅਤੇ ਸਟਾਫ ਨਰਸਾਂ ਲਈ 29.90 ਕਰੋੜ ਰੁਪਏ ਦਾ ਸਾਲਾਨਾ ਖਰਚਾ ਸਹਿਣ ਕਰੇਗੀ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਤਨਖਾਹ ਢਾਂਚੇ ਦੇ ਤਹਿਤ ANM ਲਈ ਤਨਖਾਹ 21,700 ਰੁਪਏ ਪ੍ਰਤੀ ਮਹੀਨਾ ਅਤੇ ਸਟਾਫ਼ ਨਰਸਾਂ ਲਈ 29,700 ਰੁਪਏ ਨਿਰਧਾਰਤ ਕੀਤੀ ਗਈ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਭਰਤੀ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੁਆਰਾ ਲਿਖਤੀ ਪ੍ਰੀਖਿਆ ਰਾਹੀਂ ਕਰਵਾਉਣ ਦੀ ਤਜਵੀਜ਼ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਵਿੱਤ ਵਿਭਾਗ ਨੇ ਇਹ ਪ੍ਰਵਾਨਗੀ ਇਸ ਸ਼ਰਤ ਉੱਤੇ ਦਿੱਤੀ ਹੈ ਕਿ ਸਿਹਤ ਵਿਭਾਗ ਇਹਨਾਂ ਅਸਾਮੀਆਂ ਲਈ ਪ੍ਰਸੋਨਲ ਵਿਭਾਗ ਤੋਂ ਮਨਜ਼ਰੂੀ ਨੂੰ ਯਕੀਨੀ ਬਣਾਵੇ। ਪੰਜਾਬ ਸਰਕਾਰ ਦੀ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਤਰਜੀਹ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ ਆਪਣੇ ਸਿਹਤ ਸੰਭਾਲ ਦੀ ਮੁਹਿੰਮ ਨੂੰ ਹੋਰ ਜ਼ਿਆਦਾ ਮਜ਼ਬੂਤ ਕਰੇਗੀ ਤਾਂ ਜੋ ਪੰਜਾਬ ਦੇ ਲੋਕਾਂ ਲਈ ਵਧੀਆਂ ਸਿਹਤ ਸਹੂਲਤਾਂ ਮਿਲਣ ਸਕਣ।