ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ । ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਫੈਸਲਾ ਕੀਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਦੀਨਾਨਗਰ ਵਿੱਚ ਇੱਕ ਨਵੀਂ ਖੰਡ ਮਿੱਲ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਕੀਤਾ । ਪੰਜਾਬ ਵਿੱਚ ਗੰਨੇ ਦੀ ਕੀਮਤ ਹੁਣ ਨਵੀਂ ਦਰ ਅਨੁਸਾਰ 416 ਰੁਪਏ ਪ੍ਰਤੀ ਕੁਇੰਟਲ ਹੋਵੇਗੀ, ਜੋ ਕਿ ਪਿਛਲੇ ਸਾਲ ਦੇ 401 ਰੁਪਏ ਨਾਲੋਂ 15 ਰੁਪਏ ਵੱਧ ਹੈ ।
ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਇਸ ਸਾਲ ਗੰਨੇ ਦੀ ਕੀਮਤ 415 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤੀ ਹੈ । ਇਸ ਤੋਂ 1 ਰੁਪਏ ਵੱਧ ਕੀਮਤ ਨਿਰਧਾਰਤ ਕਰਕੇ ਪੰਜਾਬ ਹਰਿਆਣਾ ਤੋਂ ਅੱਗੇ ਨਿਕਲ ਗਿਆ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵੱਲੋਂ ਨਿਰਧਾਰਤ ਇਹ ਦਰ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸ ਐਲਾਨ ਨੂੰ ਗੰਨੇ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਿਸਾਨਾਂ ਲਈ ਇੱਕ ਸਕਾਰਾਤਮਕ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ । ਉਮੀਦ ਹੈ ਕਿ ਵਧੀ ਹੋਈ ਦਰ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰੇਗੀ ਅਤੇ ਸੂਬੇ ਵਿੱਚ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰੇਗੀ।