AAP ਦੀ ਪਹਿਲੀ ਲਿਸਟ ਤੋਂ ਬਾਅਦ ਲੱਗੀ ਅਸਤੀਫਿਆਂ ਦੀ ਝੜੀ! ਇੱਕ ਹੋਰ ਵਿਧਾਇਕ ਨੇ ਪਾਰਟੀ ਨੂੰ ਕਿਹਾ ਅਲਵਿਦਾ, ਭਾਜਪਾ ‘ਚ ਜਾਣ ਨੂੰ ਲੈ ਕੇ ਚਰਚਾਵਾਂ ਤੇਜ਼…
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਦੋ ਹੋਰ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਸੀ। ਇਸ ਤਰ੍ਹਾਂ ਦੋ ਦਿਨਾਂ ਵਿੱਚ ਪੰਜਾਬ ਦੇ ਤਿੰਨ ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਹੈ ਜਾਂ ਪਾਰਟੀ ਛੱਡ ਦਿੱਤੀ ਹੈ।
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅਸਤੀਫ਼ੇ ਤੋਂ ਬਾਅਦ ਅੰਮ੍ਰਿਤਸਰ ਦੇ ਲੋਕਾਂ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਆਖ਼ਰੀ ਸਾਹ ਤੱਕ ਧੰਨਵਾਦੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰਵਾ ਕੇ ਮੁੜ ਇੱਕ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਉਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਵਿਧਾਇਕ ਵਜੋਂ ਉਨ੍ਹਾਂ ਨੇ ਆਪਣੇ 90 ਫ਼ੀਸਦੀ ਟੀਚੇ ਪੂਰੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਪਤੀ ਰਾਜਨੀਤੀ ਵਿੱਚੋਂ 'ਮਾਈ-ਬਾਪ ਕਲਚਰ' ਖ਼ਤਮ ਕਰਨਾ ਅਤੇ ਲੋਕਾਂ ਨੂੰ ਆਪਣਾ ਪ੍ਰੇਰਣਾ ਸਰੋਤ ਮੰਨ ਕੇ ਕੰਮ ਕਰਨਾ ਹੈ।
ਵਿਧਾਨ ਸਭਾ ਵਿੱਚ ਕਈ ਅਹਿਮ ਮੁੱਦੇ ਚੁੱਕੇ
ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਵਿਧਾਨ ਸਭਾ ਵਿੱਚ ਅੰਮ੍ਰਿਤਸਰ ਦੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਵੱਲੋਂ ਪਾਣੀ, ਸੀਵਰੇਜ, ਸਰਕਟ ਹਾਊਸ, ਕੰਪਨੀ ਬਾਗ, ਗੰਦੇ ਨਾਲੇ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਰਕਾਰੀ ਮੈਡੀਕਲ ਕਾਲਜ, ਸਰੂਪ ਰਾਣੀ ਕਾਲਜ ਅਤੇ ਬਰਗਾੜੀ ਬੇਅਦਬੀ ਵਰਗੇ ਮੁੱਦੇ ਚੁੱਕੇ ਗਏ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵਿਧਾਨ ਸਭਾ ਵਿੱਚ ਗਲੀਆਂ ਅਤੇ ਮੁਹੱਲਿਆਂ ਦੇ ਨਾਂ ਲੈ ਕੇ ਇਲਾਕਾਵਾਰ ਸਮੱਸਿਆਵਾਂ ਨੂੰ ਉਠਾਇਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦਾ ਇਕਲੌਤਾ ਮਕਸਦ 'ਪੰਜਾਬ ਫਸਟ' ਹੈ ਅਤੇ ਉਹ ਲੋਕਾਂ ਨਾਲ ਮਿਲ ਕੇ ਸਾਫ਼-ਸੁਥਰੀ ਰਾਜਨੀਤੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਕੰਮ ਕਰਦੇ ਰਹਿਣਗੇ।
ਵਿਧਾਇਕ ਬਣਨ ਤੋਂ ਹੀ ਪਾਰਟੀ ਨਾਲ ਚੱਲ ਰਹੇ ਸਨ ਮਤਭੇਦ
ਦੱਸ ਦੇਈਏ ਕਿ ਸਾਲ 2022 ਵਿੱਚ ਵਿਧਾਇਕ ਬਣਨ ਤੋਂ ਬਾਅਦ ਹੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਨਾਲ ਮਤਭੇਦ ਸ਼ੁਰੂ ਹੋ ਗਏ ਸਨ। ਉਹ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਕਰਦੇ ਰਹੇ ਅਤੇ ਆਪਣੀ ਹੀ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦੇ ਰਹੇ। ਜਨਵਰੀ 2023 ਵਿੱਚ ਉਨ੍ਹਾਂ ਨੇ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।
ਇਸ ਤੋਂ ਬਾਅਦ ਜੂਨ 2025 ਵਿੱਚ ਆਮ ਆਦਮੀ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਉਨ੍ਹਾਂ ਨੂੰ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਦੋ ਵਿਧਾਇਕਾਂ ਨੇ ਛੱਡੀ ਸੀ ਪਾਰਟੀ
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਐਤਵਾਰ ਨੂੰ ਦੋ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਸੀ। ਇਨ੍ਹਾਂ ਵਿੱਚ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਸ਼ਾਮਲ ਹਨ।
ਚੇਤਨ ਸਿੰਘ ਜੌੜਾਮਾਜਰਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਪਾਰਟੀ ਨੇ ਉਨ੍ਹਾਂ ਦੀ ਥਾਂ ਸਾਬਕਾ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਸੀ।
ਦੂਜੇ ਪਾਸੇ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਹੋਇਆ ਸੀ, ਜਿਸ ਤੋਂ ਬਾਅਦ ਉਹ ਆਸਟ੍ਰੇਲੀਆ ਚਲੇ ਗਏ ਸਨ। ਜਾਂਚ ਵਿੱਚ ਸ਼ਾਮਲ ਹੋਣ ਲਈ ਵਾਪਸ ਪਰਤਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤਰ੍ਹਾਂ ਲਗਾਤਾਰ ਦੋ ਦਿਨਾਂ ਵਿੱਚ ਤਿੰਨ ਵਿਧਾਇਕਾਂ ਦੇ ਪਾਰਟੀ ਛੱਡਣ ਨਾਲ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ।