ਪੰਜਾਬ ਸਿਆਸਤ ‘ਚ ਹਲਚਲ! ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਯੂਥ ਪ੍ਰਧਾਨ ਨੇ ਆਪਣੇ ਅਹੁਦੇ ਸਣੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਦਿਹਾਤੀ ਦੇ ਯੂਥ ਪ੍ਰਧਾਨ ਮਨਵੀਰ ਸਿੰਘ ਵਡਾਲਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜਾਣੋ ਮਨਵੀਰ ਵਡਾਲਾ ਨੇ ਕਿਉਂ ਦਿੱਤਾ ਅਸਤੀਫਾ
ਮਨਵੀਰ ਸਿੰਘ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਅਸਤੀਫ਼ਾ ਪੱਤਰ ਵਿੱਚ ਪਾਰਟੀ ਅੰਦਰ ਚੱਲ ਰਹੀ ਅੰਦਰੂਨੀ ਘੁਟਣ ਅਤੇ ਹਲਕਾ ਪੱਧਰ 'ਤੇ ਆ ਰਹੀਆਂ ਮੁਸ਼ਕਲਾਂ ਦਾ ਖ਼ੁਲਾਸਾ ਕੀਤਾ ਗਿਆ ਹੈ।
ਪਾਰਟੀ ਹੁਕਮਾਂ ਨੂੰ ਬਿਨਾਂ ਸ਼ਰਤ ਮੰਨਿਆ - ਮਨਵੀਰ ਵਡਾਲਾ
ਆਪਣੇ ਅਸਤੀਫ਼ੇ ਵਿੱਚ ਮਨਵੀਰ ਸਿੰਘ ਵਡਾਲਾ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਪਿਛਲੇ ਕਈ ਸਾਲਾਂ ਤੋਂ ਪਾਰਟੀ ਵਿੱਚ ਨਿਰੰਤਰ ਬਿਨਾਂ ਕਿਸੇ ਸਵਾਰਥ ਤੋਂ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਆਪਣੇ ਹਲਕੇ ਕਪੂਰਥਲਾ ਵਿੱਚ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਜੋ ਵੀ ਹੁਕਮ ਹੁੰਦਾ ਸੀ, ਉਸ ਨੂੰ ਹਮੇਸ਼ਾ ਪ੍ਰਵਾਨ ਕਰਕੇ ਉਨ੍ਹਾਂ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਇਆ ਹੈ।
ਅੰਦਰੂਨੀ ਹਾਲਾਤਾਂ ਕਾਰਨ ਮਹਿਸੂਸ ਹੋਈ ਘੁਟਣ
ਵਡਾਲਾ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਕੁਝ ਹਲਕਾ ਪੱਧਰ ਅਤੇ ਪੰਜਾਬ ਪ੍ਰਧਾਨ ਦੇ ਨਾਲ ਕੁਝ ਅੰਦਰੂਨੀ ਸਥਿਤੀਆਂ/ਪ੍ਰਸਥਿਤੀਆਂ ਨੂੰ ਲੈ ਕੇ ਪਾਰਟੀ ਅੰਦਰ ਘੁਟਣ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਉਹ ਆਪਣੇ ਜਮਹੂਰੀ ਹੱਕਾਂ ਦੀ ਰਾਖੀ ਲਈ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ (ਦਿਹਾਤੀ) ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਪਾਰਟੀ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਇਹ ਅਸਤੀਫ਼ਾ ਤੁਰੰਤ ਪ੍ਰਵਾਨ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਇਸ ਅਸਤੀਫ਼ੇ ਦੀ ਇੱਕ ਕਾਪੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਜਿੰਝਰ ਨੂੰ ਵੀ ਭੇਜੀ ਗਈ ਹੈ। ਚੋਣਾਂ ਅਤੇ ਸਿਆਸੀ ਸਰਗਰਮੀਆਂ ਦੇ ਇਸ ਦੌਰ ਵਿੱਚ ਅਕਾਲੀ ਦਲ ਦੇ ਯੂਥ ਆਗੂ ਵੱਲੋਂ ਅਹੁਦਾ ਛੱਡਣਾ ਪਾਰਟੀ ਲਈ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।