Students will learn the lesson of entrepreneurship || ਪੰਜਾਬ ਦੇ ਵਿਦਿਆਰਥੀ ਪੜ੍ਹਨਗੇ ਉੱਦਮਤਾ ਦਾ ਪਾਠ : ਬੈਂਸ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਲਈ ਉੱਦਮਤਾ (ਐਂਟਰਪ੍ਰੀਨਿਓਰਸ਼ਿਪ) ਪਾਠਕ੍ਰਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਹ ਕੋਰਸ ਵਿਦਿਆਰਥੀਆਂ ਨੂੰ ਸਵੈ-ਨਿਰਭਰਤਾ ਅਤੇ ਨੌਕਰੀਆਂ ਸਿਰਜਣ ਵਾਸਤੇ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਹੈ।
ਸ. ਹਰਜੋਤ ਸਿੰਘ ਬੈਂਸ ਨੇ ਅਕਾਦਮਿਕ ਸਾਲ 2022-23 ਵਿੱਚ 11ਵੀਂ ਜਮਾਤ ਲਈ ਸ਼ੁਰੂ ਕੀਤੇ ਗਏ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੋਰਡ ਨੇ 3,692 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਉੱਦਮਤਾ ਨੂੰ ਇੱਕ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਕੇ ਸਿੱਖਿਆ ਪ੍ਰਤੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ 104 ਸਿਖਲਾਈ ਪ੍ਰੋਗਰਾਮਾਂ ਰਾਹੀਂ 10,382 ਅਧਿਆਪਕਾਂ ਅਤੇ 231 ਮਾਸਟਰ ਟ੍ਰੇਨਰਾਂ ਨੂੰ ਉੱਦਮਤਾ ਪੜ੍ਹਾਉਣ ਦੇ ਗੁਣਾਂ ਨਾਲ ਲੈਸ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ 12ਵੀਂ ਜਮਾਤ ਦੇ ਪਾਠਕ੍ਰਮ ਅਤੇ ਪਾਠ-ਪੁਸਤਕਾਂ ਸਮੇਂ ਤੋਂ ਪਹਿਲਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਅਕਾਦਮਿਕ ਵਰ੍ਹੇ ਸਾਲ 2026-27 ਵਿੱਚ ਤਕਰੀਬਨ 5.60 ਲੱਖ ਵਿਦਿਆਰਥੀ ਨਿਰਵਿਘਨ ਉੱਦਮਤਾ ਵਿਸ਼ੇ ‘ਚ ਪੜ੍ਹਾਈ ਕਰ ਸਕਣਗੇ। ਇਹ ਵਿਆਪਕ ਪਾਠਕ੍ਰਮ ਵਿਦਿਆਰਥੀਆਂ ਦੀ ਵਿਚਾਰਧਾਰਾ ਨੂੰ ਵਿਹਾਰਕ ਉੱਦਮਾਂ ਵਿੱਚ ਤਬਦੀਲ ਕਰਨ ਵਿੱਚ ਸਹਾਈ ਹੋਵੇਗਾ, ਜਿਸ ਵਿੱਚ ਸਟਾਰਟਅੱਪ ਚੁਣੌਤੀਆਂ, ਕਾਨੂੰਨੀ ਪ੍ਰਕਿਰਿਆਵਾਂ, ਵਿੱਤ, ਬਜਟ ਅਤੇ ਹੋਰ ਬਹੁਤ ਕੁਝ ਸ਼ਾਮਲ ਹੋਵੇਗਾ, ਜੋ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਸਿਰਜਣ ਵਾਲੇ ਅਤੇ ਭਵਿੱਖ ਦੇ ਆਰਥਿਕ ਵਿਕਾਸ ਕਰਨ ਦੇ ਯੋਗ ਬਣਨਗੇ।
ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ, ਸਟਾਰਟਅੱਪ ਅਤੇ ਉੱਦਮਤਾ ਸਬੰਧੀ ਮਾਨਸਿਕਤਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨ ਦੇ ਅਹਿਮ ਵਾਅਦੇ ਨੂੰ ਪੂਰਾ ਕਰਦੀ ਹੈ ਅਤੇ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।