Trending:
ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕਾਰ ਵਿਚ ਹੋਏ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਦਿੱਤਾ ਹੈ। ਇਸ ਘਟਨਾ ਵਿਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਰੀਬ ਵੀਹ ਲੋਕ ਜ਼ਖਮੀ ਹੋਏ ਹਨ। ਘਟਨਾ ਤੋਂ ਬਾਅਦ ਪੰਜਾਬ, ਹਰਿਆਣਾ ਤੇ ਹਿਮਾਚਲ ਸਮੇਤ ਉੱਤਰੀ ਭਾਰਤ ਦੇ ਸਾਰੇ ਰਾਜਾਂ ਵਿਚ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ।
ਪੰਜਾਬ ਸਰਕਾਰ ਵੱਲੋਂ ਖ਼ਾਸ ਨਿਰਦੇਸ਼
ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਸੰਵੇਦਨਸ਼ੀਲ ਇਲਾਕਿਆਂ ਵਿਚ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ ਤੇ ਵਾਧੂ ਪੁਲਿਸ ਤਾਇਨਾਤੀ ਕੀਤੀ ਜਾਵੇ। ਲੁਧਿਆਣਾ, ਅੰਮ੍ਰਿਤਸਰ ਤੇ ਜਲੰਧਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਮਾਲਾਂ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਹਰਿਆਣਾ ਵਿਚ ਛੁੱਟੀਆਂ ਰੱਦ, ਫੋਰਸ ਅਲਰਟ ‘ਤੇ
ਹਰਿਆਣਾ ਸਰਕਾਰ ਨੇ ਸਾਰੇ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ “ਰਾਜ ਦੀ ਹਰ ਹੱਦ ‘ਤੇ ਚੌਕਸੀ ਜ਼ਰੂਰੀ ਹੈ, ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”
ਹਿਮਾਚਲ ਵੱਲੋਂ ਜਾਰੀ ਅਲਰਟ
ਹਿਮਾਚਲ ਪ੍ਰਦੇਸ਼ ਨੇ ਵੀ ਸਾਰੇ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਬੇਵਜ੍ਹਾ ਜਾਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਕੇਂਦਰੀ ਏਜੰਸੀਆਂ ਨੇ ਸੰਭਾਲਿਆ ਮੋਰਚਾ
ਧਮਾਕੇ ਮਾਮਲੇ ਦੀ ਜਾਂਚ NIA ਤੇ NSG ਵੱਲੋਂ ਕੀਤੀ ਜਾ ਰਹੀ ਹੈ। ਫੋਰੈਂਸਿਕ ਵਿਭਾਗ ਨੇ ਧਮਾਕੇ ਵਾਲੀ ਕਾਰ ਤੋਂ ਮਿਲੇ ਨਮੂਨਿਆਂ ਨੂੰ ਜਾਚ ਲਈ ਜ਼ਬਤ ਕਰ ਲਿਆ ਹੈ।