Trending:
ਅੱਜ ਸਵੇਰ ਤੋਂ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਮਾਹੌਲ ਤਣਾਅਪੂਰਨ ਹੈ। ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੀਯੂ ਬੰਦ’ ਦੇ ਸੱਦੇ ਦੌਰਾਨ ਕੈਂਪਸ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਪੁਲਿਸ ਦੀ ਤਾਇਨਾਤੀ ਦੇ ਬਾਵਜੂਦ ਪ੍ਰਦਰਸ਼ਨਕਾਰੀ ਗੇਟ ਨੰਬਰ 1 ਤੋਂ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਦਾਖ਼ਲ ਹੋਏ । ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਵਿਚਾਲੇ ਧੱਕਾਮੁੱਕੀ ਵੀ ਹੋਈ । ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ । ਪੁਲਿਸ ਨੇ ਮਗਰੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ, ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਵੀ ਮੌਕੇ ’ਤੇ ਪੁੱਜੇ । ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ । ਐੱਸਐੱਸਪੀ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿਚ ਆਉਣ ਤੋਂ ਨਹੀਂ ਰੋਕ ਰਹੇ, ਪਰ ਕਿਸੇ ਬਾਹਰੀ ਵਿਅਕਤੀ ਨੂੰ ਕੈਂਪਸ ’ਚ ਦਾਖ਼ਲ ਹੋਣ ਲਈ ਇਜਾਜ਼ਤ ਲੈਣੀ ਹੋਵੇਗੀ ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਲੱਗੇ ਮੋਰਚੇ ਦੀ ਹਮਾਇਤ ਲਈ ਜਾਣ ਵਾਲੇ ਕਿਸਾਨ ਆਗੂਆਂ ਦੀ ਪੁਲਿਸ ਨੇ ਫੜੋ ਫੜੀ ਸ਼ੁਰੂ ਕਰ ਦਿੱਤੀ ਹੈ। ਮਾਨਸਾ ਤੋਂ ਰਵਾਨਾ ਹੋਏ ਕਿਸਾਨ ਆਗੂ ਰੁਲਦੂ ਸਿੰਘ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਪੁਲਿਸ ਨੇ ਡਿਟੇਨ ਕਰ ਲਿਆ ਹੈ ਅਤੇ ਅੱਗੇ ਨਹੀਂ ਜਾਣ ਦਿੱਤਾ ਗਿਆ। ਰੁਲਦੂ ਸਿੰਘ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਵੱਲੋਂ ਜੋ ਪੰਜਾਬ ਦੇ ਹੱਕਾਂ ਤੇ ਡਾਕੇ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ

ਇਸਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਵੱਲੋਂ 'ਪੀਯੂ ਬੰਦ’ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਕੈਂਪਸ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਸੀ । ਯੂਨੀਵਰਸਿਟੀ ਕੈਂਪਸ ਦੇ ਗੇਟਾਂ ’ਤੇ ਚੰਡੀਗੜ੍ਹ ਪੁਲਿਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਭਾਰੀ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਸੀ।