ਪੰਜਾਬ ਦੇ ਗੰਨਾ ਕਿਸਾਨਾਂ ਲਈ ਖੁਸ਼ਖਬਰੀ; ਸਰਕਾਰ ਨੇ 100 ਫੀਸਦੀ ਬਕਾਏ ਦਾ ਕੀਤਾ ਭੁਗਤਾਨ, CM ਮਾਨ ਨੇ ਦਿੱਤੇ 695 ਕਰੋੜ ਰੁਪਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਲਈ ਇੱਕ ਇਤਿਹਾਸਕ ਫੈਸਲਾ ਲੈਂਦੇ ਹੋਏ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸਰਕਾਰ ਵੱਲੋਂ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਕੀਤਾ ਗਿਆ ਹੈ।
ਰਿਕਾਰਡ ਖਰੀਦ ਅਤੇ ਕਿਸਾਨਾਂ ਨੂੰ ਰਾਹਤ
ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਇਸ ਸੀਜ਼ਨ ਦੌਰਾਨ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਭੁਗਤਾਨ ਕਿਸ਼ਤਾਂ ਵਿੱਚ ਮਿਲਦਾ ਸੀ, ਪਰ ਹੁਣ ਸਮੇਂ ਸਿਰ ਸਿੱਧਾ ਬੈਂਕ ਖਾਤਿਆਂ ਵਿੱਚ ਪੈਸੇ ਆਉਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।
ਖੇਤੀ ਵਿਭਿੰਨਤਾ ਨੂੰ ਮਿਲੇਗਾ ਹੁਲਾਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਸ ਪਹਿਲਕਦਮੀ ਦਾ ਉਦੇਸ਼ ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਕੱਢਣਾ ਹੈ। ਸਰਕਾਰ ਵੱਲੋਂ ਦਿੱਤੇ ਜਾ ਰਹੇ ਸਮੇਂ ਸਿਰ ਭੁਗਤਾਨ ਨੇ ਕਿਸਾਨਾਂ ਦਾ ਗੰਨੇ ਦੀ ਖੇਤੀ ਪ੍ਰਤੀ ਵਿਸ਼ਵਾਸ ਵਧਾਇਆ ਹੈ। ਇਸ ਨਾਲ ਪੇਂਡੂ ਅਰਥਚਾਰੇ ਨੂੰ ਵੀ ਮਜ਼ਬੂਤੀ ਮਿਲੇਗੀ।
ਕਿਸਾਨਾਂ ਨੇ ਕੀਤੀ ਸ਼ਲਾਘਾ
ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਕਿਸਾਨ ਪਾਲ ਸਿੰਘ ਅਤੇ ਲਖਬੀਰ ਸਿੰਘ ਨੇ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨੀਤੀ ਨਾਲ ਕਿਸਾਨ ਹੁਣ ਬਿਨਾਂ ਕਿਸੇ ਚਿੰਤਾ ਦੇ ਗੰਨੇ ਦੀ ਖੇਤੀ ਦਾ ਵਿਸਤਾਰ ਕਰਨ ਲਈ ਪ੍ਰੇਰਿਤ ਹੋ ਰਹੇ ਹਨ।
ਖੰਡ ਮਿੱਲਾਂ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ, ਸਬਸਿਡੀ ਵਾਲੀ ਮਸ਼ੀਨਰੀ ਅਤੇ ਖੇਤੀਬਾੜੀ ਸਬੰਧੀ ਨਵੀਨਤਮ ਜਾਣਕਾਰੀ ਦੇਣ ਦੇ ਉਪਰਾਲਿਆਂ ਨੇ ਵੀ ਉਤਪਾਦਨ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।