Trending:
ਪੰਜਾਬ ਭਰ ਵਿੱਚ ਅੱਜ ਸੂਬੇ ਦੇ ਸਾਰੇ ਟੋਲ ਪਲਾਜ਼ੇ 4 ਘੰਟੇ ਲਈ ਮੁਫ਼ਤ ਰਹਿਣਗੇ। ਇਹ ਫੈਸਲਾ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਆਪਣੀਆਂ 7 ਮੁੱਖ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚੇ ਨੇ ਐਲਾਨ ਕੀਤਾ ਹੈ ਕਿ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਦੇ ਹਰ ਟੋਲ ਪਲਾਜ਼ੇ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਇਸ ਦੌਰਾਨ ਟੋਲ ਨਹੀਂ ਵਸੂਲਿਆ ਜਾਵੇਗਾ।
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਕਾਫ਼ੀ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੱਖ ਕੈਦੀਆਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਮੋਰਚੇ ਵੱਲੋਂ ਹੋਰ ਕਿਸਾਨ ਅਤੇ ਮਜ਼ਦੂਰ ਸੰਗਠਨਾਂ ਨੂੰ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਇਸ ਅਪੀਲ 'ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਵੀ ਸਮਰਥਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਅਤੇ ਸਮਰਾਲਾ ਨੇੜੇ ਨੀਲੋ ਟੋਲ ਪਲਾਜ਼ਾ ਨੂੰ ਵੀ ਚਾਰ ਘੰਟੇ ਲਈ ਮੁਫ਼ਤ ਕੀਤਾ ਜਾਵੇਗਾ।
ਦਿਲਬਾਗ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਦੇ ਵਰਕਰ ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨਾਂ ਦੇ ਨਾਲ ਮਿਲ ਕੇ ਹਰ ਟੋਲ ਪਲਾਜ਼ੇ 'ਤੇ ਮੌਜੂਦ ਰਹਿਣਗੇ ਤਾਂ ਜੋ ਪ੍ਰਦਰਸ਼ਨ ਸ਼ਾਂਤੀਪੂਰਕ ਢੰਗ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਲੋਕਾਂ ਦੇ ਹੱਕਾਂ ਲਈ ਹੈ ਅਤੇ ਇਸ ਨੂੰ ਪੂਰੇ ਪੰਜਾਬ ਦਾ ਸਮਰਥਨ ਮਿਲ ਰਿਹਾ ਹੈ।